ਸੇਵਾ ਕੇਂਦਰਾਂ ਵੱਲੋਂ ਮੁਹੱਈਆ ਕਰਾਈਆਂ ਜਾਂਦੀਆਂ ਸੇਵਾਵਾਂ ਵਿਚ ਕੀਤਾ ਗਿਆ ਵਾਧਾ
ਬਰਨਾਲਾ, 21 ਅਗਸਤ
ਸਰਕਾਰ ਵੱਲੋਂ ਪ੍ਰਸ਼ਾਸਨ ਅਤੇ ਸਾਂਝ ਕੇਂਦਰਾਂ ਦੀਆਂ ਕੁਝ ਅਹਿਮ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਗਿਆ ਹੈ। ਇਸ ਤਰਾਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੀ ਅਸਾਨੀ ਰਹੇਗੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਦੀ ਸਟਰੀਟ ਵੈਂਡਰਸ ਰਜਿਸਟਰੇਸ਼ਨ ਸਮੇਤ ਮੋਬਾਈਲ ਫੋਨ, ਪਾਸਪੋਰਟ ਜਾਂ ਹੋਰ ਦਸਤਾਵੇਜ਼ ਆਦਿ ਗੁੰਮ ਹੋਣ ਦੀ ਸ਼ਿਕਾਇਤ ਵੀ ਸੇਵਾ ਕੇਂਦਰਾਂ ’ਚ ਦਰਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਗ੍ਰਹਿ ਵਿਭਾਗ ਨਾਲ ਸਬੰਧਤ ਸੇਵਾ ਅਸਲਾ ਲਾਇਸੈਂਸ ਰੱਦ ਕਰਵਾਉਣ ਲਈ ਵੀ ਸੇਵਾ ਕੇਂਦਰਾਂ ਵਿਖੇ ਹੀ ਅਰਜ਼ੀ ਦੇਣ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸੇ ਤਰਾਂ ਸਾਂਝ ਕੇਂਦਰਾਂ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਕੋਈ ਵਸਤੂ ਜਾਂ ਦਸਤਾਵੇਜ਼ ਸਮੇਤ ਪਾਸਪੋਰਟ ਗੁੰਮ ਹੋਣ ਸਬੰਧੀ ਅਰਜ਼ੀ ਸੇਵਾ ਕੇਂਦਰਾਂ ਵਿਚ ਦਿੱਤੀ ਜਾ ਸਕੇਗੀ, ਜਿਸ ਨਾਲ ਲੋਕਾਂ ਨੂੰ ਅਸਾਨੀ ਰਹੇਗੀ।

English






