ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਅਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕੀਤੀ ਸ਼ਿਰਕਤ
ਤਰਨ ਤਾਰਨ, 14 ਅਪ੍ਰੈਲ :
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਰਾਜ ਪੱਧਰੀ ਵਰਚੁਆਲ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਤੋਂ ਇਲਾਵਾ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਉਪਰ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ ਅਤੇ ਉਹਨਾਂ ਦੀ ਪ੍ਰਤਿਮਾ ‘ਤੇ ਸ਼ਰਧਾ ਦੇ ਫੁੱਲ਼ ਅਰਪਣ ਕੀਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀਮਤੀ ਗੁਰਚਰਨਜੀਤ ਕੌਰ, ਕਾਂਗਰਸੀ ਆਗੂ ਸ੍ਰੀ ਸੁਖਵਿੰਦਰ ਸਿੰਘ ਸਿੱਧੂ, ਐੱਸ. ਪੀ. ਸ੍ਰੀ ਜਗਜੀਤ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦਲਿਤ ਸਮੇਤ ਸਮਾਜ ਦੇ ਹਰ ਉਸ ਵਰਗ ਨੂੰ ਉੱਚਾ ਚੁੱਕਿਆ ਜਾਵੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿਚ ਦਲਿਤ ਕੋਟੇ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਦਲਿਤਾਂ ਦੇ ਵਿਹੜਿਆਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਮੁਹੱਈਆ ਕਰਵਾਉਣ ਲਈ ਆਰਥਿਕ ਤੌਰ ਉੱਤੇ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਦਲਿਤ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਦੀ ਹਮੇਸ਼ਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜ੍ਹਾ ਕਰਨ ਵਿੱਚ ਹਰ ਸੰਭਵ ਮੱਦਦ ਕੀਤੀ ਜਾ ਸਕੇ।

English






