ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੁਅਲ ਸਮਾਗਮ ਰਾਹੀਂ ਨੌਜਵਾਨਾਂ ਨੂੰ ਪੇਂਡੂ ਬੱਸ ਸੇਵਾ ਪਰਮਿਟ ਤਕਸੀਮ

ਡਰਾਇਵਿੰਗ ਲਾਇਸੈਂਸ ਅਤੇ ਵਾਹਨਾਂ ਦੀਆਂ ਆਰ. ਸੀ. ਡਾਕ ਰਾਹੀਂ ਭੇਜਣ ਦੇ ਪ੍ਰੋਜੈਕਟ ਅਤੇ ਸਰਕਾਰੀ ਬੱਸਾਂ ਵਿਚ ਜੀ. ਪੀ. ਆਰ. ਐਸ. ਸਿਸਟਮ ਵੀ ਕੀਤੇ ਲੋਕ ਅਰਪਿਤ
 ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਅਨੇਕਾ ਲੋਕ ਪੱਖੀ ਉਪਰਾਲੇ ਸ਼ੁਰੂ
ਤਰਨ ਤਾਰਨ, 24 ਫਰਵਰੀ :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇਕ ਵਰਚੁਅਲ ਸਮਾਗਮ ਰਾਹੀਂ ਰਾਜ ਦੇ 3000 ਨੌਜਵਾਨਾਂ ਨੂੰ ਪੇਂਡੂ ਬਸ ਸੇਵਾ ਪਰਮਿਟ ਦੇਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਦੇ ਨਾਲ ਟਰਾਂਸਪੋਰਟ ਵਿਭਾਗ ਦੇ ਕਪੂਰਥਲਾ ਵਿਖੇ ਬਣਨ ਵਾਲੇ ਡਰਾਇਵਰ ਸਿਖਲਾਈ ਕੇਂਦਰ ਅਤੇ ਵਾਹਨ ਜਾਂਚ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨਾਂ ਨੇ ਡਰਾਇਵਿੰਗ ਲਾਇਸੈਂਸ ਅਤੇ ਵਾਹਨਾਂ ਦੀਆਂ ਆਰ. ਸੀ. ਡਾਕ ਰਾਹੀਂ ਭੇਜਣ ਦੇ ਪ੍ਰੋਜੈਕਟ ਅਤੇ ਸਰਕਾਰੀ ਬੱਸਾਂ ਵਿਚ ਜੀ. ਪੀ. ਆਰ. ਐਸ. ਸਿਸਟਮ ਵੀ ਲੋਕ ਅਰਪਿਤ ਕੀਤੇ।
ਇਸ ਆਨਲਾਈਨ ਸਮਾਗਮ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਵਰਤਮਾਨ ਜਰੂਰਤਾਂ ਅਨੁਸਾਰ ਆੱਨਲਾਈਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਸਹੁਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਉਨਾਂ ਦੀ ਸਰਕਾਰ ਨੇ ਕੀਤੇ ਹਨ। ਉਨਾਂ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਨਵੇਂ ਪਰਮਿਟ ਦੇਣ ਨਾਲ ਜਿੱਥੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਮਿਲਣਗੇ, ਉਥੇ ਹੀ ਇਸ ਨਾਲ ਦਿਹਾਤੀ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਟਰਾਂਸਪੋਰਟ ਸਹੁਲਤਾਂ ਵੀ ਮਿਲਣਗੀਆਂ।
ਮੁੱਖ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਉਨਾਂ ਦੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਕੰਮ-ਕਾਜ ਨੂੰ ਵਧੇਰੇ ਪਾਰਦਰਸ਼ੀ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਸੇਵਾਵਾਂ ਲੋਕਾਂ ਲਈ ਲਾਭਕਾਰੀ ਹੋਣਗੀਆਂ।
ਇਸ ਦੌਰਾਨ ਟਰਾਂਸਪੋਰਟ ਮੰਤਰੀ ਪੰਜਾਬ, ਰਜੀਆ ਸੁਲਤਾਨਾ ਨੇ ਕਿਹਾ ਕਿ ਹੁਣ ਵਿਭਾਗ ਵੱਲੋਂ ਜਾਰੀ ਕੀਤੇ ਜਾਂਦੇ ਡਰਾਇਵਿੰਗ ਲਾਇਸੈਂਸ ਅਤੇ ਵਾਹਨਾਂ ਦੀਆਂ ਆਰਸੀ ਚੰਡੀਗੜ ਵਿਖੇ ਛਾਪ ਕੇ ਡਾਕ ਰਾਹੀਂ ਲੋਕਾਂ ਦੇ ਘਰਾਂ ਤੱਕ ਭੇਜੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਸਰਕਾਰੀ ਬੱਸਾਂ ਦੀ ਤਰਜ਼ ‘ਤੇ ਪ੍ਰਾਈਵੇਟ ਬੱਸਾਂ ਵਿਚ ਵੀ ਜੀ. ਪੀ. ਐੱਸ. ਸਿਸਟਮ ਲਗਵਾਏ ਜਾਣਗੇ। ਉਨਾਂ ਨੇ ਕਿਹਾ ਕਿ ਵਿਭਾਗ ਵੱਲੋਂ ਆਪਣੇ ਜਿਆਦਾ ਤੋਂ ਜਿਆਦਾ ਕੰਮ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਲੋਕ ਆਪਣੇ ਘਰਾਂ ਤੋਂ ਹੀ ਸਰਕਾਰੀ ਸੇਵਾਵਾਂ ਲੈ ਸਕਨ।
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਯੂਥ ਕਾਂਗਰਸ ਪ੍ਰਧਾਨ ਸ੍ਰੀ ਬਰਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।
ਇਸ ਆੱਨਲਾਈਨ ਸਮਾਗਮ ਦੌਰਾਨ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਸ਼ਿਰਕਤ ਕੀਤੀ। ਉਨਾਂ ਨੇ ਇਸ ਮੌਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਰੰਭ ਕੀਤੇ ਯਤਨਾਂ ਨਾਲ ਲੋਕਾਂ ਨੂੰ ਚੰਗੀਆਂ ਸੇਵਾਵਾਂ ਮਿਲੀਆਂ ਹਨ। ਉਨਾਂ ਨੇ ਇਸ ਮੌਕੇ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਪਰਮਿਟ ਵੀ ਤਕਸੀਮ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਪੀ. ਸ੍ਰੀ ਬਲਜੀਤ ਸਿੰਘ ਢਿੱਲੋਂ ਤੋਂ ਇਲਾਵਾ ਹਰ ਪਤਵੰਤੇ ਵੀ ਹਾਜ਼ਰ ਸਨ।
—————–