ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਅੱਜ ਚਾਰ ਵੱਡੇ ਪ੍ਰੋਜੈਕਟਾਂ ਦੀ ਕੀਤੀ ਜਾਵੇਗੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਸਬੰਧੀ ਤਿਆਰੀਆਂ ਮੁਕੰਮਲ
ਪਟਿਆਲਾ, 24 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਪਟਿਆਲਾ ਸ਼ਹਿਰ ਵਿੱਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਦੇ ਨਾਲ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਪੰਜਾਬ ਮੰਤਰੀ ਮੰਡਲ ਦੇ ਕੈਬਨਿਟ ਮੰਤਰੀ ਵੀ ਮੌਜੂਦ ਰਹਿਣਗੇ। ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਮੌਕੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਮੁਕੰਮਲ ਕਰਨ ਲਈਆਂ ਗਈਆਂ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਐਤਵਾਰ ਸਵੇਰੇ 11 ਵਜੇ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਕਰੀਬ ਦੁਪਹਿਰ 12 ਵਜੇ ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ ‘ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਰੀਬ ਦੁਪਹਿਰ 12:30 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਕਿਲਾ ਮੁਬਾਰਕ ਦੇ ਆਲੇ-ਦੁਆਲੇ ਬਣਨ ਵਾਲੀ ਵਿਰਾਸਤੀ ਗਲੀ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਉਣਗੇ ਅਤੇ ਉਸ ਉਪਰੰਤ ਕਰੀਬ ਦੁਪਹਿਰ 1:15 ਵਜੇ ਪਟਿਆਲਾ ਵਾਸੀਆਂ ਲਈ ਅਹਿਮ, ਨਹਿਰੀ ਪਾਣੀ ‘ਤੇ ਅਧਾਰਤ 24×7 ਪਾਣੀ ਸਪਲਾਈ ਦੇ ਪ੍ਰਾਜੈਕਟ ਦੀ ਸ਼ੁਰੂਆਤ ਨਗਰ ਨਿਗਮ ਪਟਿਆਲਾ ਵਿਖੇ ਹੋਣ ਵਾਲੇ ਇੱਕ ਸਮਾਗਮ ਦੌਰਾਨ ਕਰਨਗੇ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਬਣਾਏ ਗਏ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਲਈ ਘਰਾਂ ਦੇ ਚਾਰ ਲਾਭਪਾਤਰੀਆਂ ਨੂੰ ਸੰਕੇਤਕ ਤੌਰ ‘ਤੇ ਅਲਾਟਮੈਂਟ ਪੱਤਰਾਂ ਦੀ ਵੰਡ ਕਰਕੇ ਸਕੀਮ ਨੂੰ ਅਮਲੀ ਰੂਪ ਦਿੱਤਾ ਜਾਵੇਗਾ।