ਮੰਡੀਆਂ ਵਿਚ ਪੁੱਜੀ ਝੋਨੇ ਦੀ ਫਸਲ ਵਿਚੋਂ 99 ਫੀਸਦੀ ਤੋਂ ਵਧੇਰੇ ਦੀ ਫਸਲ ਦੀ ਹੋਈ ਖਰੀਦ
—-ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਤੋਂ ਵੀ ਕਿਸਾਨ ਹਨ ਸੰਤੁਸ਼ਟ
ਫਾਜ਼ਿਲਕਾ 26 ਅਕਤੂਬਰ:
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੰਡੀਆਂ ਵਿਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਫਸਲ ਦੀ ਅਦਾਇਗੀ ਨਾਲ ਸਬੰਧਤ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸਕਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਤੇ ਨਾਲੋ-ਨਾਲ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੀਤਾ। ਬੀਤੀ ਸ਼ਾਮ ਤੱਕ ਕੁੱਲ 124507 ਮੀਟਿਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 123888 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 99 ਫੀਸਦੀ ਤੋਂ ਵਧੇਰੇ ਬਣਦੀ ਹੈ।
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁਕੜ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 47214 ਮੀਟਿਰਕ ਟਨ, ਮਾਰਕਫੈਡ ਨੇ 21905 ਮੀਟਿਰਕ ਟਨ, ਪਨਸਪ ਨੇ 23404 ਮੀਟਿਰਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 10926 ਮੀਟਿਰਕ ਟਨ ਅਤੇ ਵਪਾਰੀਆਂ ਨੇ 20439 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਨਿਰਧਾਰਤ ਲਿਫਟਿੰਗ ਦੇ ਟੀਚੇ ਮੁਤਾਬਕ 96 ਫੀਸਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ 25 ਅਕਤੂਬਰ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 191 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ ਜੋ ਕਿ ਖਰੀਦੀ ਫਸਲ ਦੇ 95 ਫੀਸਦੀ ਬਣਦੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਪ੍ਰਾਪਤ ਆਦੇਸ਼ਾਂ ਦੀ ਪਾਲਣਾ ਕਰਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਗਈਆਂ ਹਨ ਕਿ ਨਿਰਧਾਰਿਤ ਸਮੇਂ ਅੰਦਰ ਹੀ ਲਿਫਟਿੰਗ ਕਰਵਾਉਣ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਆਉਂਦੇ ਸਾਰ ਹੀ ਉਨ੍ਹਾਂ ਦੀ ਫਸਲ ਦੀ ਖਰੀਦ ਹੋ ਸਕੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।
ਮੰਡੀਆਂ ਵਿਚ ਜ਼ਿਲ੍ਹੇ ਅੰਦਰ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਪ੍ਰਭਾਤ ਸਿੰਘ ਵਾਲਾ ਦੇ ਕਿਸਾਨ ਸੋਹਨ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਹ ਫਸਲ ਮੰਡੀ ਵਿਚ ਲੈ ਕੇ ਆਇਆ ਉਸਦੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਫਸਲ ਦੀ ਖਰੀਦ ਨਾਲੋ-ਨਾਲ ਕੀਤੀ ਗਈ ਤੇ ਖਰੀਦ ਹੋਣ ਉਪਰੰਤ ਫਸਲ ਦੀ ਲਿਫਟਿੰਗ ਵੀ ਹੋ ਗਈ ਹੈ। ਕਿਸਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਤਹਿ ਦਿਲੋ ਧੰਨਵਾਦ ਕਰਦਾ ਹੈ ਜਿਨ੍ਹਾਂ ਦੇ ਪੁਖਤਾ ਪ੍ਰਬੰਧਾਂ ਕਰਕੇ ਉਸਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਉਸਨੂੰ ਆਪਣੀ ਫਸਲ ਦੀ ਖਰੀਦ ਲਈ ਜਿਆਦਾ ਸਮਾਂ ਮੰਡੀ ਵਿਚ ਰੁਕਣਾ ਨਹੀਂ ਪਿਆ ਜਿਸ ਕਰਕੇ ਉਹ ਖਜਲ ਖੁਆਰੀ ਤੋਂ ਵੀ ਬਚਿਆ ਹੈ।

English






