ਵਿਧਾਇਕ ਅੰਗਦ ਸਿੰਘ ਵੱਲੋਂ ਕਿਸਾਨ ਜਥੇਬੰਦੀਆਂ ਦੇ ਬੰਦ ਦਾ ਸਮਰਥਨ

MLA Angad Singh
*ਲੰਗੜੋਆ ਬਾਈਪਾਸ ਵਿਖੇ ਸਾਥੀਆਂ ਸਮੇਤ ਖ਼ੁਦ ਹੋਣਗੇ ਸ਼ਾਮਿਲ
ਨਵਾਂਸ਼ਹਿਰ, 24 ਸਤੰਬਰ : 
ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਗਏ ਬੰਦ ਦਾ ਸਮਰਥਨ ਕਰਦਿਆਂ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਕਿਹਾ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਇਸ ਸੰਘਰਸ਼ ਦੀ ਹਮਾਇਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਭਲਕੇ ਉਹ ਖ਼ੁਦ ਲੰਗੜੋਆ ਬਾਈਪਾਸ ਵਿਖੇ ਆਪਣੇ ਸਾਥੀਆਂ ਸਮੇਤ ਇਸ ਵਿਚ ਸ਼ਾਮਿਲ ਹੋਣਗੇ। ਅੱਜ ਇਥੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਹਨ, ਉਹ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਕਮਜ਼ੋਰ ਕਰਨ ਵਾਲੇ ਹਨ। ਉਨਾਂ ਕਿਹਾ ਕਿ ਉਹ 25 ਸਤੰਬਰ ਦੇ ਬੰਦ ਦਾ ਪੂਰਨ ਸਮਰਥਨ ਕਰਦੇ ਹਨ ਅਤੇ ਕਿਸਾਨ ਭਰਾਵਾਂ ਨਾਲ ਚੱਟਾਨ ਵਾਂਗ ਖੜੇ ਹਨ। ਉਨਾਂ ਕਿਹਾ ਕਿ ਮੁਲਕ ਨੂੰ ਅਨਾਜ ਪੱਖੋਂ ਆਤਮ ਨਿਰਭਰ ਕਰਨ ਵਾਲੀ ਕਿਸਾਨੀ ਬਿਹਤਰ ਵਰਤਾਓ ਦੀ ਹੱਕਦਾਰ ਹੈ, ਪਰੰਤੂ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਅਤੇ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਏ ਹਨ। ਉਨਾਂ ਕਿਹਾ ਕਿ ਕਿਸਾਨੀ ਅੱਜ ਵੀ ਮੁਲਕ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ ਅਤੇ ਇਹ ਕਿਸਾਨ ਮਾਰੂ ਬਿੱਲ ਪਹਿਲਾਂ ਤੋਂ ਹੀ ਕੋਵਿਡ ਕਰਕੇ ਤੰਗੀ ਦਾ ਸਾਹਮਣਾ ਕਰ ਰਹੇ ਕਿਸਾਨਾਂ ’ਤੇ ਮੁਸੀਬਤਾਂ ਦਾ ਪਹਾੜ ਟੁੱਟਣ ਦੇ ਬਰਾਬਰ ਹਨ। ਉਨਾਂ ਕਿਹਾ ਕਿ ਇਹ ਕੇਵਲ ਕਿਸਾਨਾਂ ਦੀ ਲੜਾਈ ਨਹੀਂ ਹੈ ਸਗੋਂ ਸਾਡੇ ਸਾਰਿਆਂ ਦੀ ਲੜਾਈ ਹੈ, ਕਿਉਂਕਿ ਸਮੁੱਚੇ ਪੰਜਾਬ ਦੀ ਆਰਥਿਕਤਾ ਕਿਸਾਨੀ ’ਤੇ ਹੀ ਟਿਕੀ ਹੋਈ ਹੈ। ਇਸ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਨਾਲ ਖੜਨਾ ਚਾਹੀਦਾ ਹੈ।