ਵਿਧਾਇਕ ਬੱਗਾ ਵਲੋਂ ਹਲਕੇ ‘ਚ ਵਿਸ਼ਾਲ ਲੋਕ ਮਿਲਣੀ ਆਯੋਜਿਤ

– ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ
– ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਰਹੇ ਮੌਜੂਦ

ਲੁਧਿਆਣਾ, 13 ਅਕਤੂਬਰ:

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਸਥਾਨਕ ਵਾਰਡ ਨੰਬਰ 86(8) ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਬਿਜਲੀ, ਪਾਣੀ, ਸੀਵਰੇਜ, ਐਨਕ੍ਰੋਚਮੈਂਟ, ਸਟਰੀਟ ਲਾਈਟਾਂ ਆਦਿ ਸਮੱਸਿਆਵਾਂ ਦਾ ਤੁੰਰਤ ਹੱਲ ਕੀਤਾ ਜਾਵੇਗਾ।

ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਲੋਕ ਮਿਲਣੀ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਆਈਆਂ ਜਿਨ੍ਹਾਂ ਵਿੱਚੋਂ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ ਗਿਆ।

ਵਿਧਾਇਕ-ਪਬਲਿਕ ਮਿਲਣੀ ਦੌਰਾਨ ਆਏ ਹੋਏ ਲੋਕਾਂ ਵੱਲੋਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਅਜਿਹੇ ਉਪਰਾਲੇ ਹਲਕੇ ਵਿੱਚ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੋ ਸਕਣ।