ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਬਟਾਲਾ
ਉਸਾਰੀ ਮਜ਼ਦੂਰਾਂ ਨੂੰ ਮੁਫ਼ਤ ਟੀਕਾਕਰਨ ਦੀ ਸ਼ੁਰੂਆਤ ਕੀਤੀ
ਬਟਾਲਾ, 10 ਮਈ,2021– ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਉਸਾਰੀ ਮਜ਼ਦੂਰਾਂ ਲਈ ਟੀਕਾਕਰਨ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਉਸਾਰੀ ਮਜ਼ਦੂਰਾਂ ਅਤੇ ਆਮ ਲੋਕਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਤੀਸਰੇ ਪੜਾਅ (18-44 ਉਮਰ ਵਰਗ) ਲਈ ਟੀਕਾਕਰਨ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸੰਵੇਦਨਸ਼ੀਲ ਤੇ ਉੱਚ ਜੋਖਮ ਵਾਲੇ ਲੋਕਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਦੀ ਬਿਮਾਰੀ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਗਾਹ ਕਰਦਿਆਂ ਦੱਸਿਆ ਕਿ ਇਸ ਸਮੇਂ ਚੱਲ ਰਹੀ ਕੋਰੋਨਾ ਦੀ ਦੂਸਰੀ ਲਹਿਰ ਬੇਹੱਦ ਜਾਨਲੇਵਾ ਸਾਬਤ ਹੋ ਰਹੀ ਹੈ ਅਤੇ ਇਸ ਤੋਂ ਬਚਣ ਲਈ ਹਰ ਕਿਸੇ ਨੂੰ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਇਆ ਜਾਵੇ, ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਰੱਖੀ ਜਾਵੇ ਅਤੇ ਬਾਰ-ਬਾਰ ਸਾਬਣ ਨਾਲ ਹੱਥ ਧੋਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਰੋਨਾ ਦੇ ਲੱਛਣ ਹੋਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਜਾ ਕੇ ਕੋਰੋਨਾ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਇਲਾਜ ਕਰਾ ਕੇ ਕੋਰੋਨਾ ਦੇ ਮਾਰੂ ਪ੍ਰਭਾਵ ਤੋਂ ਬਚਿਆ ਜਾ ਸਕਦਾ ਹੈ।

English






