ਪੰਜਾਬ ਪ੍ਰਾਪਤੀ ਸਰਵੇਖਣ ਦਾ ਮੁਲਾਂਕਣ ਤੇ ਮਿਸ਼ਨ ਸ਼ਤ-ਪ੍ਰਤੀਸ਼ਤ `ਤੇ ਹੋਵੇਗੀ ਚਰਚਾ
ਤਰਨ ਤਾਰਨ, 24 ਨਵੰਬਰ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 26 ਤੋਂ 28 ਨਵੰਬਰ ਤੱਕ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾਵੇਗੀ।
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ `ਚ ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨਾਲ ਕੀਤੀ ਜਾਣ ਵਾਲੀ ਉਕਤ ਮਿਲਣੀ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਐ.) ਤਰਨਤਾਰਨ ਸੁਸ਼ੀਲ ਕੁਮਾਰ ਤੇ ਜਿਲ੍ਹਾ ਸਿੱਖਿਆ ਅਫਸਰ (ਸ.) ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਦੇ ਮੁਲਾਂਕਣ ਲਈ 11 ਨਵੰਬਰ ਤੋਂ ਪੰਜਾਬ ਪ੍ਰਾਪਤੀ ਸਰਵੇਖਣ ਸ਼ੁਰੂ ਕੀਤਾ ਗਿਆ ਸੀ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਰਵੇਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਕੇ ਬੱਚਿਆਂ ਦੇ ਮਾਪਿਆਂ ਨਾਲ ਇਹਨਾਂ ਮਾਪੇ-ਅਧਿਆਪਕ ਮਿਲਣੀਆਂ ਦੌਰਾਨ ਸਾਂਝਾ ਕੀਤਾ ਜਾਵੇ। ਇਸਦੇ ਨਾਲ ਹੀ ਮਿਸ਼ਨ ਸ਼ਤ-ਪ੍ਰਤੀਸ਼ਤ-2021, ਸਕੂਲਾਂ ਵਿੱਚ ਬਣੇ ਇੰਗਲਿਸ਼ ਬੂਸਟਰ ਕਲੱਬਾਂ ਵਿੱਚ ਬੱਚਿਆਂ ਦੀ ਮੈਂਬਰਸ਼ਿਪ, ਇਮਤਿਹਾਨਾਂ ਦੀ ਤਿਆਰੀ ਲਈ ਅਗਵਾਈ, ਆਨ-ਲਾਈਨ ਸਿੱਖਿਆ ਜਿਵੇਂ ਕਿ ਟੈਲੀਵਿਜ਼ਨ, ਪੰਜਾਬ ਐਜੂਕੇਅਰ ਐਪ, ਰੇਡੀਓ ਕਲਾਸਰੂਮ ਅਤੇ ਹੋਰ ਸੋਸ਼ਲ ਮੀਡੀਆ ਪੋਰਟਲਾਂ ਰਾਹੀਂ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਣੀ ਹੈ। ਨਾਲ ਹੀ ਕੋਵਿਡ-19 ਦੇ ਸੰਕ੍ਰਮਣ ਦੇ ਬਚਾਅ ਸਬੰਧੀ ਵੀ ਮਾਪਿਆਂ ਨੂੰ ਇਹਨਾਂ ਮਿਲਣੀਆਂ ਦੌਰਾਨ ਅਧਿਆਪਕ ਜਾਗਰੂਕ ਕਰਨਗੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ, ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਅਤੇ ਹਰਪਾਲ ਸਿੰਘ ਸੰਧਾਵਾਲੀਆ, ਡਿਪਟੀ ਡੀਈਓ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਸਮੂਹ ਸਕੂਲ ਮੁਖੀ ਤੇ ਅਧਿਆਪਕ, ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਨਾਲ ਰਾਬਤਾ ਕਾਇਮ ਕਰਨਗੇ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਤਕ ਸਥਾਨਾਂ ਰਾਹੀਂ ਅਨਾਉਂਸਮੈਂਟ ਕਰਵਾਕੇ, ਮੁਨਿਆਦੀ ਕਰਵਾਈ ਜਾਵੇ।
ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਤਰਨਤਾਰਨ,ਪਰੇਮ ਸਿੰਘ ਨੇ ਕਿਹਾ ਕਿ ਸੋਸ਼ਲ਼ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ, ਵਟਸਐਪ, ਟਵਿੱਟਰ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰਕੇ, ਪੋਸਟਰ, ਆਡੀਓ-ਵੀਡੀਓ ਸੁਨੇਹੇ ਵਾਇਰਲ ਕਰਕੇ ਅਧਿਆਪਕ, ਸਕੂਲ ਮੁਖੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮਾਂ ਬੱਚਿਆਂ, ਮਾਪਿਆਂ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਮਾਪੇ-ਅਧਿਆਪਕ ਮਿਲਣੀ ਦੀ ਅਗਾਉਂ ਜਾਣਕਾਰੀ ਦੇਣ ਲਈ ਸੁਹਿਰਦ ਉਪਰਾਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀਆਂ ਸਮੇਂ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

English





