*ਵਿਦਿਆਰਥੀਆਂ ਨੂੰ ਮੁਹੱਈਆ ਕਰਾਈ ਜਾਵੇਗੀ ਵਿਸ਼ੇਸ਼ ਪੜ੍ਹਨ ਸਮੱਗਰੀ
ਬਰਨਾਲਾ, 24 ਨਵੰਬਰ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਮਿਸ਼ਨ ‘ਸ਼ਤ ਪ੍ਰਤੀਸ਼ਤ’ ਨੂੰ ਪੂਰਨ ਰੂਪ ਵਿੱਚ ਸਫ਼ਲ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਦੀ ਰਹਿਨੁਮਾਈ ਹੇਠ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਿਸ਼ਨ ਸ਼ਤ ਪ੍ਰਤੀਸ਼ਤ ਅਧੀਨ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਮਿਸ਼ਨ ਸ਼ਤ ਪ੍ਰਤੀਸ਼ਤ ਦਾ ਉਦੇਸ਼ ਸੈਸ਼ਨ 2020-21 ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਹਰ ਵਿਦਿਆਰਥੀ ਦੀ ਹਾਜ਼ਰੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਹੋਰ ਬਿਹਤਰ ਬਣਾਉਣਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਪਾਬੰਧੀਆਂ ਦੇ ਚੱਲਦਿਆਂ ਪ੍ਰਭਾਵਿਤ ਹੋਈ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਇਸ ਮਿਸ਼ਨ ਰਾਹੀਂ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਇਸ ਮਿਸ਼ਨ ਤਹਿਤ ਹਰ ਵਿਦਿਆਰਥੀ ਵੱਲ ਨਿੱਜੀ ਤੌਰ ’ਤੇ ਧਿਆਨ ਦਿੰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿੱਖਣ ਪੱਧਰ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਜਿੱਥੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਿਸਥਾਰਤ ਸਮੱਗਰੀ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਮੈਰਿਟ ਦੇ ਯੋਗ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਉੱਥੇ ਹੀ ਬਾਕੀ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੇ ਸਿੱਖਣ ਪੱਧਰ ਅਨੁਸਾਰ ਤਿਆਰ ਕੀਤਾ ਜਾਵੇਗਾ।
ਸ੍ਰੀ ਹਰੀਸ਼ ਕੁਮਾਰ ਪ੍ਰਿੰਸੀਪਲ ਅਤੇ ਜ਼ਿਲ੍ਹਾ ਮੈਂਟਰ ਸਾਇੰਸ, ਸ੍ਰ ਅਮਨਿੰੰਦਰ ਸਿੰਘ ਜ਼ਿਲ੍ਹਾ ਮੈਂਟਰ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਅਤੇ ਸ੍ਰੀ ਕਮਲਦੀਪ ਜ਼ਿਲ੍ਹਾ ਮੈਂਟਰ ਗਣਿਤ ਅਤੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਸ. ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੜ੍ਹੋ ਪੰਜਾਬ ਟੀਮਾਂ ਵੱਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਸਮੱਗਰੀ ਤਿਆਰ ਕਰਕੇ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਤੱਕ ਪੁੱਜਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਵਿਸ਼ੇਸ਼ ਆਨਲਾਈਨ ਜਮਾਤਾਂ ਦਾ ਵੀ ਪ੍ਰਬੰਧ ਹੈ।
ਵਿਭਾਗ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਆਗਾਮੀ ਸਾਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਸੌ ਫੀਸਦੀ ਹਾਜ਼ਰੀ ਅਤੇ ਸੌ ਫੀਸਦੀ ਸਫ਼ਲਤਾ ਲਈ ਸ਼ੁਰੂ ਕੀਤਾ ਮਿਸ਼ਨ ਸ਼ਤ ਪ੍ਰਤੀਸ਼ਤ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗਾ।

English




