ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵੈਰੋ ਕੇ, ਸਰਾਕਰੀ ਮਿਡਲ ਸਕੂਲ ਤਾਰੇਵਾਲਾ ਅਤੇ ਸਰਕਾਰੀ ਹਾਈ ਸਕੂਲ ਅਸਲਾਮ ਵਾਲਾ ਤੋਂ ਕੱਢੀ ਗਈ ਜਾਗਰੂਕਤਾ ਰੈਲੀ

— ਵਿਦਿਆਰਥੀਆਂ ਨੇ ਹੱਥਾਂ ਵਿੱਚ ਬੈਨਰ ਤੇ ਪੋਸਟਰ ਫੜ੍ਹ ਕੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ

ਫਾਜ਼ਿਲਕਾ 17 ਅਕਤੂਬਰ:

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਫੈਲਾਉਣ ਲਈ ਸਹੁੰ ਚੁਕਾਈ ਜਾ ਰਹੀ ਹੈ ਤੇ ਪੋਸਟਰ ਮੇਕਿੰਗ, ਡਰਾਇੰਗ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਦੀਆਂ ਜਾਗਰੂਕਤਾ ਰੈਲੀਆਂ ਕੱਢ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਸੁਖਬੀਰ ਬੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵੈਰੋ ਕੇ, ਸਰਾਕਰੀ ਮਿਡਲ ਸਕੂਲ ਤਾਰੇਵਾਲਾ ਅਤੇ ਸਰਕਾਰੀ ਹਾਈ ਸਕੂਲ ਅਸਲਾਮ ਵਾਲਾ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢ ਕੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ।  ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਵਿਦਿਆਰਥੀਆਂ ਨੇ ਹੱਥਾਂ ਵਿੱਚ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਦੇ ਬੈਨਰ ਤੇ ਪੋਸਟਰ ਫੜ ਕੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ।

ਡਾ. ਬੱਲ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਜਮੀਨ ਦੀ ਉਪਜਾਊ ਸਕਤੀ ਨਸਟ ਹੁੰਦੀ ਹੈ ਤੇ ਅਨੇਕਾਂ ਬਿਮਾਰੀਆਂ ਵੀ ਪੈਦਾ ਹੁੰਦੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹੁਣ ਤੇ ਵਾਤਾਵਰਨ ਨੂੰ ਸ਼ੁੱਧ ਤੇ ਸਵੱਛ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।