ਸਵੀਪ ਗਤੀਵਿਧੀਆਂ ਰਾਹੀਂ 18-19 ਸਾਲ ਦੇ ਨੌਜਵਾਨਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ – ਡਿਪਟੀ ਕਮਿਸ਼ਨਰ 

— ਸਵੀਪ ਨੋਡਲ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੀਤੀਆਂ ਹਦਾਇਤਾਂ
ਰੂਪਨਗਰ, 7 ਨਵੰਬਰ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2024 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ-2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਨਿਰਧਾਰਿਤ ਸਥਾਨਾਂ ਤੋਂ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਵੋਟ ਬਣਾਉਣ ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਵੀਪ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾਵੇ ਅਤੇ 18-19 ਸਾਲ ਦੇ ਨੌਜਵਾਨ ਵੋਟਰਾਂ ਦੀ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਸਵੀਪ ਨੋਡਲ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੀਤਾ ਗਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਹਾਜਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਨੌਜਵਾਨਾਂ ਨੂੰ ਵੋਟਾਂ ਬਣਾਉਣ ਸਬੰਧੀ ਉਤਸ਼ਾਹਿਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸਕੂਲ ਕਾਲਜਾਂ ਦੇ ਵਿਦਿਆਰਥੀਆਂ ਦੇ ਸਵੀਪ ਮੁਹਿੰਮ ਤਹਿਤ ਮੁਕਾਬਲੇ ਕਰਵਾਏ ਜਾਣ ਤਾਂ ਜੋ ਉਨ੍ਹਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ ਜਾਣਕਾਰੀ ਮਿਲ ਸਕੇ।
ਉਨ੍ਹਾਂ ਕਿਹਾ ਕਿ ਜੋ ਨੌਜਵਾਨ ਪਹਿਲੀ ਵਾਰ ਵੋਟਰ ਬਣੇ ਹਨ, ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਵੋਟ ਦਾ ਸਹੀ ਇਸਤੇਮਾਲ ਕਰ ਸਕਣ। ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ ਵੱਲੋਂ ਘਰ-ਘਰ ਜਾ ਵੋਟਾਂ ਬਣਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਨਾਗਰਿਕ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇਗਾ ਉਹ ਨਵੀਂ ਵੋਟ ਰਜਿਸਟਰੇਸ਼ਨ ਕਰਨ ਲਈ ਫਾਰਮ ਨੰ: 6, ਨਾਮ ਕਟਵਾਉਣ ਲਈ ਫਾਰਮ ਨੰ: 7 ਵੇਰਵਿਆਂ ਵਿਚ ਸੋਧ ਲਈ ਦਿਵਿਆਂਗ ਵੋਟਰ ਵਜੋਂ ਮਾਰਕਿੰਗ ਲਈ ਰਿਹਾਇਸ਼ ਬਦਲਣ ਲਈ। ਵੋਟਰ ਕਾਰਡ ਬਦਲੀ ਲਈ ਫਾਰਮ ਨੰ: 8 ਅਤੇ ਫਾਰਮ ਨੰ: 6 ਬੀ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਕੈਂਪ ਮਿਤੀ 02 ਦਸੰਬਰ 2023 (ਦਿਨ ਸ਼ਨੀਵਾਰ) ਅਤੇ 03 ਦਸੰਬਰ 2023 (ਦਿਨ ਐਤਵਾਰ) ਨੂੰ ਸਮੂਹ ਬੀ.ਐਲ.ਓਜ ਅਲਾਟ ਕੀਤੇ ਗਏ ਪੋਲਿੰਗ ਸਟੇਸ਼ਨਾਂ ਤੇ ਆਮ ਜਨਤਾ ਕੋਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਸਵੇਰ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ।
ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਆਨਲਾਈਨ www.voters.eci.gov.in ਜਾਂ ਵੋਟਰ ਹੈਲਪਲਾਈਨ ਐਪ ਤੇ ਵੀ ਭਰੇ ਜਾ ਸਕਦੇ ਹਨ, ਵਧੇਰੇ ਜਾਣਕਾਰੀ ਸਬੰਧੀ ਟੋਲ ਫਰੀ ਨੰਬਰ 1950 ਤੇ ਵੀ ਕਾਲ ਕਰ ਸਕਦੇ ਹੋ।
ਇਸ ਮੀਟਿੰਗ ਵਿੱਚ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਮਨਦੀਪ ਸਿੰਘ ਢਿੱਲੋਂ, ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਐਂਡ ਸੈਨੀਟੇਸ਼ਨ-ਕਮ-ਸਵੀਪ ਨੋਡਲ ਅਫ਼ਸਰ ਮਾਈਕਲ, ਜ਼ਿਲ੍ਹਾ ਖੇਡ ਅਫ਼ਸਰ ਕਮ-ਸਵੀਪ ਨੋਡਲ ਅਫ਼ਸਰ ਰੁਪੇਸ਼ ਕੁਮਾਰ ਬੇਗੜਾ, ਐਸ.ਐਲ.ਐਮ.ਟੀ. ਦਿਨੇਸ਼ ਕੁਮਾਰ ਸੈਣੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਚੋਣ ਕਾਨੂੰਗੋ ਰਾਜੇਸ਼ ਕੁਮਾਰ, ਜੂਨੀਅਰ ਸਹਾਇਕ ਗੁਰਜੀਤ ਸਿੰਘ, ਕਲਰਕ ਪਰਮਜੀਤ ਕੌਰ, ਪ੍ਰੋਗਰਾਮਰ ਵਿਸ਼ਾਲ ਗਾਰਗਿਆ ਤੋਂ ਇਲਾਵਾ ਵੱਖ-ਵੱਖ ਦਫ਼ਤਰਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।