ਸੂਬੇ ’ਚ ਬਾਰਦਾਨੇ ਦੀ ਕੋਈ ਕਮੀ ਨਹੀਂ, ਕਿਸਾਨ ਅਤੇ ਆੜ੍ਹਤੀ ਨਾ ਕਰਨ ਚਿੰਤਾ : ਯਸ਼ਨਜੀਤ ਸਿੰਘ

ਐਮ.ਡੀ. ਵੇਅਰ ਹਾਊਸ ਕਾਰਪੋਰੇਸ਼ਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ’ਚ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ, ਦਾਣਾ ਮੰਡੀ ਦਾ ਵੀ ਕੀਤਾ ਦੌਰਾ
-ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਕੇ ਕਣਕ ਲਿਆਉਣ ਦੀ ਕੀਤੀ ਅਪੀਲ
-ਦੂਜੇ ਸੂਬਿਆਂ ਤੋਂ ਆਉਣ ਵਾਲੀ ਕਣਕ ’ਤੇ ਰੋਕ ਲਗਾਉਣ ਲਈ ਜ਼ਿਲ੍ਹੇ ’ਚ 11 ਅੰਤਰਰਾਜੀ ¤ਨਾਕੇ ਲਗਾਏ ਗਏ, 24 ਘੰਟੇ ਹੋ ਰਹੀ ਨਿਗਰਾਨੀ : ਡਿਪਟੀ ਕਮਿਸ਼ਨਰ
-ਕਿਹਾ, ਮੰਡੀਆਂ ’ਚ ਪਾਸ ਸਿਸਟਮ ਰਾਹੀਂ ਹੋ ਰਹੀ ਹੈ ਕਿਸਾਨਾਂ ਦੀਆਂ ਟਰਾਲੀਆਂ ਦੀ ਐਂਟਰੀ, ਕੋਵਿਡ ਪ੍ਰੋਟੋਕਾਲ ਦਾ ਵੀ ਰੱਖਿਆ ਗਿਆ ਹੈ ਪੂਰਾ ਧਿਆਨ
ਹੁਸ਼ਿਆਰਪੁਰ, 16 ਅਪ੍ਰੈਲ :
ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਐਮ.ਡੀ.  ਯਸ਼ਨਜੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਣਕ ਦੀ ਸਰਕਾਰੀ ਖਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਪੂਰੇ ਹਨ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਨੂੰ ਲੈ ਕੇ ਕਿਤੇ ਵੀ ਕੋਈ ਕਮੀ ਨਹੀਂ ਹੈ। ਇਸ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਇਸ ਗੱਲ ਨੂੰ ਲੈ ਕੇ ਬਿਲਕੁੱਲ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਉਨ੍ਹਾਂ ਦਾਣਾ ਮੰਡੀ ਹੁਸ਼ਿਆਰਪੁਰ ਵਿੱਚ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਸ ਸਿਸਟਮ ਰਾਹੀਂ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਆ ਰਹੀ ਹੈ ਅਤੇ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਨੂੰ ਕੋਵਿਡ ਦੇ ਪ੍ਰਭਾਵ ਤੋਂ ਬਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਵੈਕਸੀਨੇਸ਼ਨ ਕੈਂਪ ਤੋਂ ਇਲਾਵਾ ਮਾਸਕ ਪਹਿਨਣ, ਹੱਥ ਧੋਣ, ਸੈਨੇਟਾਈਜਰ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਸੂਬਿਆਂ ਤੋਂ ਜ਼ਿਲ੍ਹੇ ਵਿੱਚ ਆਉਣ ਵਾਲੀ ਕਣਕ ’ਤੇ ਰੋਕ ਲਗਾਉਣ ਲਈ 11 ਅੰਤਰਰਾਜੀ ਨਾਕੇ ਲਗਾ ਕੇ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ।
ਐਮ.ਡੀ. ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ, ਆਮਦ ਅਤੇ ਲਿਫਟਿੰਗ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ’ਤੇ ਚਰਚਾ ਕਰਦਿਆਂ ਕਿਹਾ ਕਿ ਬਾਰਦਾਨੇ ਨੂੰ ਲੈ ਕੇ ਕਾਫੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਸਨ, ਜੋ ਕਿ ਸਹੀ ਨਹੀਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਰਦਾਨੇ ਨੂੰ ਲੈ ਕੇ ਪਹਿਲਾਂ ਤੋਂ ਹੀ ਗੰਭੀਰ ਸੀ ਅਤੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੀ ਬਾਰਦਾਨੇ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਚੱਲਦੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੰਡੀਆਂ ਵਿੱਚ ਪਾਸ ਸਿਸਟਮ ਰਾਹੀਂ ਟਰਾਲੀਆਂ ਦੀ ਐਂਟਰੀ ਕੀਤੀ ਜਾ ਰਹੀ ਹੈ, ਜੋ ਕਿ ਕਿਸਾਨਾਂ ਦੇ ਹਿੱਤ ਵਿੱਚ ਹੈ।
ਯਸ਼ਨਜੀਤ ਸਿੰਘ ਨੇ ਜ਼ਿਲ੍ਹਾ ਮੰਡੀ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਪਾਸ ਸਿਸਟਮ ਰਾਹੀਂ ਹੀ ਫ਼ਸਲ ਨੂੰ ਮੰਡੀ ਵਿੱਚ ਆਉਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕੋਵਿਡ ਸਬੰਧੀ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਦੇ ਲਈ ਮੰਡੀਆਂ ਵਿੱਚ ਜ਼ਿਆਦਾ ਇੰਤਜਾਰ ਨਾ ਕਰਨਾ ਪਵੇ। ਇਸ ਮੌਕੇ ’ਤੇ ਚੇਅਰਮੈਨ ਮਾਰਕਿਟ ਕਮੇਟੀ ਹੁਸ਼ਿਆਰਪੁਰ ਰਾਜੇਸ਼ ਗੁਪਤਾ, ਡੀ.ਜੀ.ਐਮ. ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਅਮਨਦੀਪ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਰਾਜਿੰਦਰ ਕੁਮਾਰ, ਸਕੱਤਰ ਮਾਰਕਿਟ ਕਮੇਟੀ ਹੁਸ਼ਿਆਰਪੁਰ ਯੁਗਰਾਜਪਾਲ ਸਿੰਘ ਸਾਹੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।