ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ  ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਤਰਨ ਤਾਰਨ ਤੋਂ ਕਰਵਾਈ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਮੰਡੀਆਂ ਵਿੱਚੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੀਤੇ ਗਏ ਲੋੜੀਂਦੇ ਇੰਤਜ਼ਾਮ-ਡਾ. ਅਗਨੀਹੋਤਰੀ
ਜ਼ਿਲੇ ਦੀਆਂ ਮੰਡੀਆਂ ਵਿਚ ਇਸ ਸਾਲ ਲੱਗਭੱਗ 7,95,000 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ-ਡਿਪਟੀ ਕਮਿਸ਼ਨਰ
ਤਰਨ ਤਾਰਨ, 30 ਸਤੰਬਰ :
ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਦਾਣਾ ਮੰਡੀ ਤਰਨ ਤਾਰਨ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ‘ਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਕਿਮੀ ਵਨੀਤ ਕੌਰ ਸੇਠੀ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਸਬੇਗ ਸਿੰਘ ਧੁੰਨ, ਸ੍ਰੀ ਸੁਰਜੀਤ ਸਿੰਘ ਧੁੰਨ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਆੜ੍ਹਤੀਆਂ ਐਸੋਸ਼ੀਏਸ਼ਨ ਦੇ ਨੁਮਾਇੰਦੇ ਅਤੇ ਕਿਸਾਨ ਹਾਜ਼ਰ ਸਨ।
ਇਸ ਮੌਕੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਣ ਨਹੀਂ ਆਵੇਗੀ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।ਉਹਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਮੂਹ ਕਿਸਾਨ, ਆੜ੍ਹਤੀਏ, ਕਾਮੇ ਅਤੇ ਹੋਰ ਲੋਕ ਮੰਡੀਆਂ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕੋਵਿਡ-19 ਮਹਾਂਮਾਰੀ ਦੌਰਾਨ ਝੋਨੇ ਦੀ ਖਰੀਦ ਇੱਕ ਚਣੌਤੀ ਵਾਂਗ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਮੰਡੀਆਂ ਵਿੱਚ ਹੱਥ ਧੋਣ ਲਈ ਵਾਸ਼-ਸਟੇਸ਼ਨ, ਮਾਸਕ, ਆਰਜ਼ੀ ਪੈਖਾਨੇ, ਸੈਨੀਟਾਈਜ਼ਰ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ ਲਈ ਸਬੰਧਿਤ ਅਧਿਕਾਰੀ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਿਛਲੇ ਸਾਲ 7,62,667 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਸੀ ਅਤੇ ਇਸ ਸਾਲ ਸੀਜ਼ਨ ਦੌਰਾਨ ਲੱਗਭੱਗ 7,95,000 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਅਤੇ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਝੋਨੇ ਦੀ ਸੁਚਾਰੂ ਖਰੀਦ ਲਈ ਜ਼ਿਲ੍ਹੇ ਵਿੱਚ 113 ਖ਼ਰੀਦ ਕੇਂਦਰ ਬਣਾਏ ਗਏ ਹਨ।ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਗਿੱਲੇ ਝੋਨੇ ਕਟਾਈ ਨਾ ਕਰਵਾਈ ਜਾਵੇ ਅਤੇ ਪੂਰਾ ਪੱਕਾ ਹੋਇਆ ਝੋਨਾ ਮੰਡੀ ਵਿਚ ਲਿਆਂਦਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।