ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਗੁਰਦਾਸਪੁਰ, 14 ਅਪ੍ਰੈਲ ( ) ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਣਕ ਦੀ ਆਮਦ ਹੌਲੀ-ਹੌਲੀ ਵੱਧ ਰਹੀ ਹੈ ਤੇ ਕੁਲ 4940 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 1448 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 940 ਮੀਟਰਕ ਟਨ, ਮਾਰਕਫੈੱਡ ਵਲੋਂ 158 ਮੀਟਰਕ ਟਨ ਅਤੇ ਵੇਅਰਹਾਊਸ ਵਲੋਂ 350 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਗੁਰਦਾਸਪੁਰ ਅੰਦਰ ਕਣਕ ਦੀ ਫਸਲ ਖਰੀਦਣ ਲਈ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸੁਚਾਰੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਅਤੇ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ।
ਉਨਾਂ ਦੱਸਿਆ ਕਿ ਪਿਛਲੇ ਸਾਲ ਜਿਲੇ ਅੰਦਰ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਏਨੀ ਕਣਕ ਦੀ ਮੰਡੀਆਂ ਵਿਚ ਆਮਦ ਹੋਣ ਦੀ ਆਸ ਹੈ। ਜਿਲੇ ਅੰਦਰ ਕੁੱਲ 130 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਸ ਵਿਚ 95 ਰੈਗੂਲਰ ਮੰਡੀਆਂ, 01 ਟੈਂਪਰਰੀ ਮੰਡੀ ਅਤੇ 34 ਖਰੀਦ ਕੇਂਦਰ, ਰਾਈਸ ਮਿੱਲਾਂ ਵਿਚ ਸਥਾਪਤ ਕੀਤੇ ਗਏ ਹਨ। ਮੰਡੀਆਂ ਵਿਚ ਸ਼ੋਸਲ ਡਿਸਟੈਸਿੰਗ, ਥਰਮਲ ਸਕੈਨਰ, ਮਾਸਕ, ਸ਼ੈਨੀਟਾਇਜ਼ਰ ਆਦਿ ਉਪਲੱਬਧ ਕਰਵਾਏ ਗਏ ਹਨ।

English






