ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਰਵਾਨਾ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ
ਗੁਰਦਾਸਪੁਰ, 1 ਅਗਸਤ 2021 ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਯਾਤਰੀ ਬੱਸ ਨੂੰ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਕਲਸੀ ਅਤੇ ਦਮਨਜੀਤ ਸਿੰਘ ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਪਰ ਕੋਰੋਨਾ ਕਾਰਨ ਬੱਸਾਂ ਚਲਾਉਣ ’ਤੇ ਰੋਕ ਲਗਾ ਦਿੱਤੀ ਗਈ ਸੀ ਪਰ ਹੁਣ ਦੁਬਾਰਾ ਸ਼ਰਧਾਲੂਆਂ ਦੀ ਮੰਗ ’ਤੇ ਵਿਸ਼ੇਸ ਬੱਸ਼ਾਂ ਸ਼ੁਰੂ ਕੀਤੀਆਂ ਗਈਆਂ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਸ਼ਾਮ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਸੈਰ-ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗੁਰਦਾਸਪੁਰ ਅਤੇ ਬਟਾਲਾ ਤੋਂ ਜਨਵਰੀ ਮਹੀਨੇ ਤੋਂ ਸ਼ੁਰੂ ਕੀਤੀਆਂ ਗਈਆਂ ਵਿਸ਼ੇਸ ਬੱਸਾਂ ਚਲਾਈਆਂ ਗਈਆਂ ਹਨ। ਇਨਾਂ ਵਿਸ਼ੇਸ ਬੱਸਾਂ ਚੱਲਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਜਿਲੇ ਦੇ ਇਤਿਹਾਸਕ ਤੇੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਗੁਰਦਾਸਪੁਰ ਵਾਸੀ ਮਹਿੰਦਰਪਾਲ ਤੇ ਮਾਤਾ ਜਸਬੀਰ ਕੌਰ ਆਦਿ ਨੇ ਕਿਹਾ ਕਿ ਉਹ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ ਅਤੇ ਉਨਾਂ ਨੂੰ ਆਪਣੇ ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਕ ਤੇ ਸਥਾਨਾਂ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਆਈ ਹੈ ਤੇ ਗਿਆਨ ਵਿਚ ਵੀ ਵਾਧਾ ਹੋਇਆ ਹੈ।
ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਦੇ ਦਰਸਨ ਕਰਵਾਏ ਗਏ। ਜਿਲਾ ਵਾਸੀਆਂ ਵਲੋਂ ਦੁਬਾਰਾ ਸ਼ੁਰੂ ਕੀਤੀਆਂ ਵਿਸ਼ੇਸ ਬੱਸਾਂ ਦੀ ਭਰਵੀਂ ਸਰਹਾਨਾ ਕੀਤੀ ਗਈ ਤੇ ਲੋਕਾਂ ਵਲੋਂ ਵੱਧ ਚੜ੍ਹ ਕੇ ਯਾਤਰਾ ਵਿਚ ਜਾਣ ਦਾ ਉਤਸ਼ਾਹ ਪਾਇਆ ਜਾ ਰਿਹਾ ਹੈ।
ਕੈਪਸ਼ਨ–ਡਾ. ਸ਼ਾਮ ਸਿੰਘ ਡਿਪਟੀ ਡਾਇਰਕੈਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਪੰਚਾਇਤ ਭਵਨ ਤੋਂ ਵਿਸ਼ੇਸ ਬੱਸ ਰਵਾਨਾ ਕਰਦੇ ਹੋਏ।