ਨਵਾਂਸ਼ਹਿਰ, 31 ਜੁਲਾਈ 2021
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ, ਮੁਹਾਲੀ ਵੱਲੋਂ ਨਾਲਸਾ ਅਤੇ ਮਾਨਯੋਗ ਕਾਰਜਕਾਰੀ ਚੇਅਰਮੈਨ ਪੀ. ਐਲ. ਐਸ. ਏ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ (ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਮਸਲੇ) ਦੀਵਾਨੀ, ਲੇਬਰ, ਕੰਜ਼ਿਊਮਰ, ਮਾਲ, ਫ਼ੋਜਦਾਰੀ, ਬੈਂਕ, ਟੈਲੀਫੋਨ ਅਤੇ ਬੀਮਾ ਕੰਪਨੀਆਂ ਆਦਿ ਨਾਲ ਸਬੰਧਤ ਕੇਸਾਂ ਨੂੰ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ।
ਉਨਾਂ ਕਿਹਾ ਕਿ ਅਦਾਲਤਾਂ ਵਿਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿਚ ਲਗਾਉਣ ਲਈ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਅਤੇ ਜਿਹੜੇ ਝਗੜੇ ਵਿਵਾਦ ਅਦਾਲਤਾਂ ਵਿਚ ਲੰਬਿਤ ਨਹੀਂ ਹਨ, ਸਬੰਧੀ ਦਰਖ਼ਾਸਤ ਸਾਦੇ ਕਾਗਜ਼ ’ਤੇ ਲਿਖ ਕੇ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ ਅਤੇ ਫ਼ੈਸਲੇ ਅੰਤਿਮ ਹੁੰਦੇ ਹਨ। ਉਨਾਂ ਦੱਸਿਆ ਕਿ ਲੋਕ ਅਦਾਲਤ ਵਿਚ ਫ਼ੈਸਲਾ ਹੋਣ ਉਪਰੰਤ ਕੇਸ਼ ਵਿਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
ਫੋਟੋ :ਸ੍ਰੀਮਤੀ ਹਰਪ੍ਰੀਤ ਕੌਰ, ਸੀ. ਜੇ. ਐਮ।

English






