ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ-19 ਤਹਿਤ ਨਵੀਂਆਂ ਹਦਾਇਤਾਂ ਜਾਰੀ

ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ 26 ਜੁਲਾਈ ਤੋਂ ਜਾਰੀ ਹਦਾਇਤਾਂ ਤਹਿਤ ਸਕੂਲ ਖੁੱਲ੍ਹਣ ਦੀ ਹੋਵੇਗੀ ਆਗਿਆ
ਬਰਨਾਲਾ, 22 ਜੁਲਾਈ 2021
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਤੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਵਿਡ-19 ਤਹਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਨ੍ਹਾਂ ਜਾਰੀ ਹੁਕਮਾਂ ਤਹਿਤ ਕਿਸੇ ਵੀ ਤਰ੍ਹਾਂ ਦੇ ਇਕੱਠ ਕਰਨ ਲਈ ਇਨਡੋਰਜ਼ ਪ੍ਰੋਗਰਾਮਾਂ/ਸਮਾਗਮਾਂ ਵਿੱਚ 150 ਵਿਅਕਤੀਆਂ ਅਤੇ ਆਊਟਡੋਰਜ਼ ਪ੍ਰੋਗਰਾਮਾਂ/ਸਮਾਗਮਾਂ ਵਿੱਚ 300 ਵਿਅਕਤੀਆਂ ਤੋਂ ਵੱਧ ਇਕੱਠ ਨਹੀਂ ਹੋਣਾ ਚਾਹੀਦਾ। ਕਲਾਕਾਰ/ਸੰਗੀਤਕਾਰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਫੰਕਸ਼ਨ ਕਰ ਸਕਦੇ ਹਨ।
ਸਮੂਹ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵਿਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ, ਅਜਾਇਬ ਘਰ, ਚਿੜੀਆ ਘਰ ਆਦਿ 50% ਜਗ੍ਹਾ ਦੀ ਸਮਰੱਥਾ ਨਾਲ ਖੁੱਲ੍ਹਣ ਦੀ ਆਗਿਆ ਹੋਵੇਗੀ ਅਤੇ ਸਟਾਫ਼/ਕਰਮਚਾਰੀਆਂ ਦੇ ਕੋਵਿਡ-19 ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਸਵਿਮਿੰਗ ਪੂਲ, ਜਿੰਮ ਅਤੇ ਖੇਡਾਂ ਨਾਲ ਸਬੰਧਤ ਸਹੂਲਤਾਂ ਨੂੰ ਵਰਤਣ ਵਾਲੇ 18 ਸਾਲ ਤੋਂ ਜ਼ਿਆਦਾ ਉਮਰ ਦੇ ਹਰੇਕ ਵਿਅਕਤੀ ਦੇ ਕੋਵਿਡ-19 ਦੀ ਘੱਟੋ-ਘੱਟ ਇੱਕ ਡੋਜ਼ ਲੱਗੀ ਹੋਣੀ ਲਾਜ਼ਮੀ ਹੋਵੇਗੀ।
ਸਮੂਹ ਕਾਲਜ਼, ਕੋਚਿੰਗ ਸੈਂਟਰ ਅਤੇ ਹੋਰ ਸਮੂਹ ਉੱਚ ਵਿੱਦਿਅਕ ਅਦਾਰਿਆਂ ਨੂੰ ਇਸ ਸ਼ਰਤ ਤੇ ਖੁੱਲ੍ਹਣ ਦੀ ਆਗਿਆ ਹੋਵੇਗੀ ਕਿ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ, ਵਿਦਿਆਰਥੀਆਂ ਦੇ ਕੋਵਿਡ-19 ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆ ਚਾਹੀਦੀਆਂ ਹਨ।
ਸਕੂਲ ਖੁੱਲ੍ਹਣ ਸਬੰਧੀ
ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ 26 ਜੁਲਾਈ 2021 ਤੋਂ ਸਮੂਹ ਸਕੂਲ ਖੁੱਲ੍ਹਣ ਦੀ ਆਗਿਆ ਹੋਵੇਗੀ। ਸਕੂਲ ਵਿੱਚ ਸਿਰਫ਼ ਉਨ੍ਹਾਂ ਅਧਿਆਪਕਾਂ/ਸਟਾਫ਼ ਨੂੰ ਆਉਣ ਦੀ ਆਗਿਆ ਹੋਵੇਗੀ ਜਿਨ੍ਹਾਂ ਦੇ ਕੋਵਿਡ-19 ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣ। ਸਕੂਲ ਵਿੱਚ ਸਿਰਫ਼ ਉਹੀ ਵਿਦਿਆਰਥੀ ਆ ਸਕਦੇ ਹਨ ਜਿਨ੍ਹਾਂ ਵਿਦਿਆਰੀਆਂ ਦੇ ਮਾਤਾ-ਪਿਤਾ ਵੱਲੋਂ ਆਪਣੇ ਬੱਚੇ ਨੂੰ ਸਕੂਲ ਵਿੱਚ ਭੇਜਣ ਦੀ ਇੱਛਾ (Consent) ਹੋਵੇਗੀ ਅਤੇ ਕੋਈ ਵੀ ਵਿਦਿਆਰਥੀ ਆਪਣੀ ਇੱਛਾ ਅਨੁਸਾਰ ਆਨ-ਲਾਈਨ ਕਲਾਸਾਂ ਵੀ ਲਗਾ ਸਕਦਾ ਹੈ। ਸਬੰਧਤ ਸਕੂਲ ਵੱਲੋਂ ਉਕਤ ਸਬੰਧੀ ਰਿਕਾਰਡ ਮੇਨਟੇਨ ਕਰਕੇ ਰੱਖਣਾ ਲਾਜ਼ਮੀ ਹੋਵੇਗਾ। ਜਿਸ ਸਬੰਧੀ ਕਿਸੇ ਵੀ ਸਮੇਂ ਉੱਚ ਅਧਿਕਾਰੀਆਂ ਵੱਲੋਂ ਪੜ੍ਹਤਾਲ ਕੀਤੀ ਜਾ ਸਕਦੀ ਹੈ। ਕਿਸੇ ਵੀ ਅਣਗਹਿਲੀ ਦੀ ਸੂਰਤ ਵਿੱਚ ਪੂਰਨ ਤੌਰ ਤੇ ਜ਼ਿੰਮੇਵਾਰੀ ਸਕੂਲ ਮੁਖੀ/ਮਾਲਕ ਦੀ ਹੋਵੇਗੀ। ਸਮੂਹ ਸਕੂਲਾਂ ਵਿੱਚ ਕੋਵਿਡ-19 ਦੇ ਬਚਾਅ ਸਬੰਧੀ ਜਾਰੀ ਹਦਾਇਤਾਂ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣੀ ਲਾਜ਼ਮੀ ਹੋਵੇਗੀ।
ਜਿਹੜ੍ਹੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ, ਵਿਦਿਆਰਥੀਆਂ ਦੇ ਸਿਰਫ ਕੋਵਿਡ-19 ਵੈਕਸੀਨੇਸ਼ਨ ਦੀ ਇੱਕ ਡੋਜ਼ ਲੱਗੀ ਹੋਈ ਹੈ, ਉਨ੍ਹਾਂ ਦੀ ਹਾਲੇ ਕੋਵਿਡ-19 ਵੈਕਸੀਨੇਸ਼ਨ ਦੂਜੀ ਡੋਜ਼ ਲਗਾਉਣ ਦੀ ਡਿਊ ਮਿਤੀ ਨਹੀਂ ਹੋਈ ਉਹ ਸਕੂਲ/ਕਾਲਜ ਆਦਿ ਆ ਸਕਦੇ ਹਨ ਪਰੰਤੂ ਦੂਜੀ ਡੋਜ਼ ਡਿਊ ਹੋਣ ਸਮੇਂ ਲਗਾਉਣ ਦੇ ਪਾਬੰਦ ਹੋਣਗੇ। ਇਸ ਸਬੰਧੀ ਪੂਰਨ ਤੌਰ ਤੇ ਜ਼ਿੰਮੇਵਾਰੀ ਕਾਲਜ਼, ਕੋਚਿੰਗ ਸੈਂਟਰ ਅਤੇ ਹੋਰ ਸਮੂਹ ਉੱਚ ਵਿੱਦਿਅਕ ਅਦਾਰਿਆਂ ਦੇ ਮਾਲਿਕ/ਮੁਖੀ ਦੀ ਹੋਵੇਗੀ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹਦਾਇਤਾਂ ਵਿੱਚ ਕੋਵਿਡ-19 ਸਬੰਧੀ ਐਮ.ਐਚ.ਏ. ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 06 ਫੁੱਟ ਦੀ ਸਮਾਜਿਕ ਦੂਰੀ ਨੂੰ ਬਣਾਈ ਰੱਖਣਾ, ਬਜ਼ਾਰਾਂ ਅਤੇ ਪਬਲਿਕ ਟਰਾਂਸਪੋਰਟ ਵਿੱਚ ਭੀੜ ਨੂੰ ਸੀਮਿਤ ਰੱਖਣਾ, ਮਾਸਕ ਪਹਿਨਣਾ, ਵਾਰ-ਵਾਰ ਹੱਥ ਧੋਣਾ ਅਤੇ ਜਨਤਕ ਥਾਵਾਂ ਤੇ ਥੁੱਕਣ ਦੀ ਮਨਾਹੀ ਆਦਿ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣੀ ਲਾਜ਼ਮੀ ਹੋਵੇਗੀ।
ਉਕਤ ਹਦਾਇਤਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।