ਜ਼ਿਲ੍ਹੇ ਦੇ 86 ਹਜ਼ਾਰ ਲਾਭਪਾਤਰੀਆਂ ਨੇ 65 ਕਰੋੜ ਰੁਪਏ ਦਾ ਕੈਸ਼ਲੈਸ ਇਲਾਜ ਕਰਵਾਇਆ : ਵਧੀਕ ਡਿਪਟੀ ਕਮਿਸ਼ਨਰ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ
ਸਿਹਤ ਬੀਮਾ ਯੋਜਨਾ ਸਬੰਧੀ ਆਈਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ
ਪਟਿਆਲਾ, 3 ਸਤੰਬਰ 2021
ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ ਦੇ 86 ਹਜ਼ਾਰ ਲਾਭਪਾਤਰੀਆਂ ਨੇ ਸੂਬੇ ਦੇ ਪੰਜੀਕ੍ਰਿਤ ਹਸਪਤਾਲਾਂ ‘ਚ 65 ਕਰੋੜ 51 ਲੱਖ ਰੁਪਏ ਦੇ ਕੈਸਲੈਸ ਇਲਾਜ ਦੀ ਸਹੂਲਤ ਪ੍ਰਾਪਤ ਕੀਤੀ ਹੈ ਅਤੇ ਹੁਣ ਤੱਕ ਪਟਿਆਲਾ ਜ਼ਿਲ੍ਹੇ ‘ਚ 4 ਲੱਖ 89 ਹਜ਼ਾਰ 544 ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਗਏ ਹਨ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ ਤਾਂ ਜੋ ਇਸ ਸਕੀਮ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲਾਭਪਤਾਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਿਲਣ ਵਾਲੇ ਲਾਭ ਨੂੰ ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਇਆ ਜਾਵੇ ਅਤੇ ਸਿਹਤ ਬੀਮਾ ਯੋਜਨਾਂ ਨੂੰ ਲਾਗੂ ਕਰਨ ਵਿੱਚ ਕੁਤਾਹੀ ਵਰਤਣ ਵਾਲ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਿਹਤ ਬੀਮਾ ਯੋਜਨਾ ਨਾਲ ਸਬੰਧਤ ਚਾਰ ਸ਼ਿਕਾਇਤਾਂ ਨਿਪਟਾਰੇ ਲਈ ਰੱਖੀਆਂ ਗਈਆਂ, ਜਿੰਨ੍ਹਾਂ ‘ਚੋਂ ਦੋ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ ਜਦਕਿ ਦੋ ਧਿਰਾਂ ਮੀਟਿੰਗ ‘ਚ ਸ਼ਾਮਲ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਸਮਾਂ ਦਿੱਤਾ ਗਿਆ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਜੀਲਾ ਖਾਨ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆ ਨੂੰ ਬੀਮਾ ਪਾਲਿਸੀ ਦੇ ਹਿਸਾਬ ਨਾਲ ਕੇਸ ਤਿਆਰ ਕਰਨ ਲਈ ਹਦਾਇਤ ਕੀਤੀ ਅਤੇ ਬੀਮਾ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਇਤਰਾਜ਼ ਨਾ ਲਗਾਉਣ ਲਈ ਕਿਹਾ। ਉਨ੍ਹਾਂ ਸਮੂਹ ਐਸ.ਐਮ.ਓਜ਼ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਕੇਸਾਂ ਦੀ ਖੁਦ ਨਿਗਰਾਨੀ ਕਰਨ ਦੀ ਹਦਾਇਤ ਵੀ ਕੀਤੀ। ਮੀਟਿੰਗ ‘ਚ ਡਾ. ਵੀ.ਕੇ. ਡੰਗਵਾਲ, ਡਾ. ਆਰ.ਐਲ. ਸਿੰਘ, ਸ੍ਰੀਮਤੀ ਕਿਰਨ ਢਿਲੋਂ, ਸ੍ਰੀ ਅਨਿਲ ਮਹਿਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਦੇ ਹੋਏ।