13 ਅਗਸਤ ਨੂੰ ਪਿੰਡ ਨਿਹਾਲੂਵਾਲ ਵਿਖੇ ਲਗਾਇਆ ਜਾਵੇਗਾ ਸਰਕਾਰ ਤੁਹਾਡੇ ਦੁਆਰ ਕੈਂਪ

Poonamdeep Kaur(1)
Poonamdeep Kaur

ਬਰਨਾਲਾ, 12 ਅਗਸਤ 2024

ਭਲਕੇ 13 ਅਗਸਤ ਨੂੰ ਪੰਚਾਇਤ ਘਰ ਪਿੰਡ ਨਿਹਾਲੂਵਾਲ ਵਿਖੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਕੈਂਪ ਸਵੇਰ 9 ਵਜੇ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਨਿਹਾਲੂਵਾਲ, ਬਾਹਮਣੀਆਂ ਅਤੇ ਗੰਗੋਹਰ ਦੇ ਵਾਸੀ ਇਸ ਕੈਂਪ ਵਿਚ ਆਪਣੇ ਕੰਮ ਕਰਵਾਉਣ ਲਈ ਪੁੱਜ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਉੱਤੇ ਪੁੱਜ ਕੇ ਆਪਣੇ ਕੰਮ ਆਸਾਨ ਤਰੀਕੇ ਨਾਲ ਅਤੇ ਘਰ ਦੇ ਨੇੜੇ ਕਰਵਾ ਸਕਦੇ ਹਨ।

ਇਸ ਕੈਂਪ ਵਿੱਚ ਉਪਰੋਕਤ ਪਿੰਡਾਂ ਦੇ ਵਾਸੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੱਖ ਵੱਖ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਵਿਭਾਗਾਂ/ ਸ਼ਾਖਾਵਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ ਉੱਤੇ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਲੋੜ ਅਨੁਸਾਰ ਸਰਕਾਰੀ ਦਸਤਾਵੇਜ਼ ਵੀ ਤਿਆਰ ਕਰਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਪ੍ਰਾਪਤ ਅਰਜ਼ੀਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮੌਕੇ ਉੱਤੇ ਪੈਨ ਕਾਰਡ, ਆਧਾਰ ਕਾਰਡ ਅਤੇ ਪੀ.ਐਮ. ਕਿਸਾਨ ਨਿਧੀ ਕਾਰਡ, ਵਿਧਵਾ /ਆਸ਼ਰਤ, ਬੁਢਾਪਾ ਪੈਨਸ਼ਨ ਲਈ, ਕਿਰਤ ਵਿਭਾਗ ਦੀਆਂ ਸਕੀਮਾਂ, ਸ਼ਗਨ ਸਕੀਮ, ਰਿਹਾਇਸ਼ੀ ਪਤੇ ‘ਚ ਸੋਧ ਕਰਵਾਉਣ ਲਈ, ਪੜ੍ਹਾਈ / ਖੇਤੀਬਾੜੀ / ਪਰਸਨਲ / ਘਰ ਲਈ ਕਰਜ਼ਿਆਂ ਸਬੰਧੀ, ਪੁਲਿਸ ਵੈਰੀਫਿਕੇਸ਼ਨ ਆਦਿ ਸਬੰਧੀ ਬੇਨਤੀ ਪੱਤਰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ।