ਜ਼ਿਲਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ ’ਤੇ ਪਾਬੰਦੀ

ਜ਼ਿਲਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ ’ਤੇ ਪਾਬੰਦੀ
ਬਰਨਾਲਾ, 1 ਅਕਤੂਬਰ :
ਜ਼ਿਲਾ ਮੈਜਿਸਟ੍ਰੇਟ ਬਰਨਾਲਾ ਡਾ. ਹਰੀਸ਼ ਨਈਅਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ/ਸਾੜਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
‌ਜ਼ਿਲਾ ਮੈਜਿਸਟੇ੍ਟ ਨੇ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਫਸਲ ਦੀ ਰਹਿੰਦ-ਖੂੰਹਦ ਨੂੰ ਸਬੰਧਤ ਕਿਸਾਨ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਹਵਾ ਵਿੱਚ ਧੂੰਏੰ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਇਸ ਨਾਲ ਜਿੱਥੇ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਉਨ੍ਹਾਂ  ਦੱਸਿਆ ਕਿ ਅਜਿਹਾ ਕਰਨ ਨਾਲ ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਹੈ ।
ਇਸ ਲਈ ਜ਼ਿਲਾ ਬਰਨਾਲਾ ਅੰਦਰ  ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ ’ਤੇ  ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ। ਉਨਾਂ ਦੱਸਿਆ ਕਿ ਉਕਤ ਹੁਕਮ 27 ਨਵੰਬਰ, 2022 ਤੱਕ ਜ਼ਿਲ੍ਹਾ   ਬਰਨਾਲਾ ਅੰਦਰ ਲਾਗੂ ਰਹਿਣਗੇ।