ਪਹਿਲਾਂ ਅਕਾਲੀ ਦਲ ਨੇ ਸੱਤਾ ਵਿੱਚ ਰਹਿੰਦਿਆਂ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਲਿਖਤੀ ਪ੍ਰਵਾਨਗੀ ਦਿੱਤੀ, ਹੁਣ ਡਰਾਮੇਬਾਜ਼ੀ ਕਰ ਰਹੇ:ਪੰਨੂ
ਐਸਵਾਈਐਲ ਤੋਂ ਲੈ ਕੇ ਪੰਜਾਬ ਯੂਨੀਵਰਸਿਟੀ ਤੱਕ, ਬਾਦਲਾਂ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ:ਪੰਨੂ
ਚੰਡੀਗੜ੍ਹ, 20 ਨਵੰਬਰ 2025
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਯੂਨੀਵਰਸਿਟੀ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਕਰਦਿਆਂ ਉਸ ‘ਤੇ ਦੋਹਰਾ ਮਾਪਦੰਡ ਅਪਨਾਉਣ ਦਾ ਦੋਸ਼ ਲਗਾਇਆ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਆਪਣੀ ਗੁਆਚੀ ਰਾਜਨੀਤਿਕ ਜ਼ਮੀਨ ਮੁੜ ਪ੍ਰਾਪਤ ਕਰਨ ਲਈ ਪੰਜਾਬ ਯੂਨੀਵਰਸਿਟੀ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਬੀਤੇ ਦਿਨੀਂ ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਪਹੁੰਚ ਕੇ ਦਾਅਵਾ ਕੀਤਾ ਸੀ ਕਿ ਅਕਾਲੀ ਦਲ ਯੂਨੀਵਰਸਿਟੀ ਨੂੰ ਬਚਾਉਣ ਦੀ ਲੜਾਈ ਲੜੇਗਾ। ਪੰਨੂ ਨੇ ਇੱਕ ਪੁਰਾਣੀ ਸਰਕਾਰੀ ਚਿੱਠੀ ਦਾ ਹਵਾਲਾ ਦਿੰਦਿਆਂ ਸੁਖਬੀਰ ਬਾਦਲ ਦੇ ਬਿਆਨ ਨੂੰ ਹਾਸੋਹੀਣੀ ਦੱਸਿਆ ਅਤੇ ਖੁਲਾਸਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਨੇ ਹੀ ਲਿਖਤੀ ਰੂਪ ਵਿੱਚ ‘ਨੋ ਓਬਜੈਕਸ਼ਨ’ ਦਿੱਤਾ ਸੀ ਕਿ ਜੇਕਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕੀਤਾ ਜਾਂਦਾ ਹੈ, ਤਾਂ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਉਹੀ ਲੋਕ ਯੂਨੀਵਰਸਿਟੀ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ, ਜਿਨ੍ਹਾਂ ਨੇ ਖੁਦ ਇਸਨੂੰ ਕੇਂਦਰ ਹਵਾਲੇ ਕਰਨ ਦੀ ਤਿਆਰੀ ਕੀਤੀ ਸੀ।
‘ਆਪ’ ਆਗੂ ਨੇ ਕਿਹਾ ਕਿ ਅਕਾਲੀ ਦਲ ਦੇ ਧੋਖਿਆਂ ਦੀ ਸੂਚੀ ਬਹੁਤ ਲੰਮੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਐਸ.ਵਾਈ.ਐਲ. ਨਹਿਰ ਦੇ ਮਾਮਲੇ ਵਿੱਚ ਵੀ ਅਕਾਲੀ ਦਲ ਨੇ ਪੈਸੇ ਲੈ ਕੇ ਨਹਿਰ ਕਢਵਾਉਣ ਦੀ ਇਜਾਜ਼ਤ ਦਿੱਤੀ ਸੀ। ਇਸੇ ਤਰ੍ਹਾਂ ਜਦੋਂ ਕੇਂਦਰ ਸਰਕਾਰ ਤਿੰਨ ਕਾਲੇ ਖੇਤੀ ਕਾਨੂੰਨ ਲੈ ਕੇ ਆਈ ਸੀ ਤਾਂ ਅਕਾਲੀ ਦਲ ਨੇ ਭਾਜਪਾ ਦਾ ਸਾਥ ਦਿੰਦਿਆਂ ਕਿਹਾ ਸੀ ਕਿ ਇਨ੍ਹਾਂ ਕਾਨੂੰਨਾਂ ਵਿੱਚ ਕੁਝ ਵੀ ਗਲਤ ਨਹੀਂ ਹੈ ਅਤੇ ਉਹ ਇਸਨੂੰ ਲਾਗੂ ਕਰਵਾਉਣਗੇ। ਪਰ ਜਦੋਂ ਪੰਜਾਬ ਦੇ ਕਿਸਾਨਾਂ ਨੇ ਵਿਰੋਧ ਕੀਤਾ ਤਾਂ ਮਜਬੂਰੀ ਵਿੱਚ ਅਸਤੀਫੇ ਦੇਣ ਦਾ ਡਰਾਮਾ ਕੀਤਾ ਗਿਆ।
ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਹੁਣ ਉਹ ਸਮਾਂ ਬੀਤ ਚੁੱਕਾ ਹੈ ਜਦੋਂ ਸਿਆਸੀ ਆਗੂ ਵੱਖ-ਵੱਖ ਥਾਵਾਂ ‘ਤੇ ਜਾ ਕੇ ਵੱਖ-ਵੱਖ ਬਿਆਨ ਦੇ ਦਿੰਦੇ ਸਨ ਅਤੇ ਬਚ ਜਾਂਦੇ ਸਨ।ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਗਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਨੇ ਸੱਤਾ ਵਿੱਚ ਰਹਿੰਦਿਆਂ ਸੂਬੇ ਦੇ ਹੱਕਾਂ ਨੂੰ ਹੜੱਪ ਲਿਆ। ਪਿਛਲੀਆਂ ਸਰਕਾਰਾਂ, ਖਾਸ ਕਰਕੇ ਅਕਾਲੀ ਦਲ ਨੇ ਆਪਣੇ ਨਿੱਜੀ ਅਤੇ ਰਾਜਨੀਤਿਕ ਲਾਭ ਲਈ ਪੰਜਾਬ ਦੇ ਹਿੱਤਾਂ ਦਾ ਵਪਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।
ਪੰਨੂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਜਿਸ ਸੰਕਟ ਦਾ ਸਾਹਮਣਾ ਕਰ ਰਹੇ ਹਨ, ਉਹ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਸਵਾਰਥ ਦਾ ਨਤੀਜਾ ਹੈ। ਭਾਵੇਂ ਉਹ ਪੰਜਾਬ ਦੇ ਪਾਣੀ ਦਾ ਮੁੱਦਾ ਹੋਵੇ, ਐਸਵਾਈਐਲ ਨਹਿਰ ਵਿਵਾਦ ਹੋਵੇ, ਜਾਂ ਹੁਣ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਹੋਵੇ, ਅਕਾਲੀ ਦਲ ਅਤੇ ਪਿਛਲੀਆਂ ਸਰਕਾਰਾਂ ਨੇ ਹਰ ਜਗ੍ਹਾ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ।
ਪੰਨੂ ਨੇ ਸਪੱਸ਼ਟ ਕੀਤਾ ਕਿ ‘ਆਪ’ ਪੰਜਾਬ ਯੂਨੀਵਰਸਿਟੀ ਦੇ ਸੰਘੀ ਢਾਂਚੇ ਨੂੰ ਬਚਾਉਣ ਅਤੇ ਪੰਜਾਬ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜ੍ਹੀ ਰਹੇਗੀ ਅਤੇ ਅਕਾਲੀ ਦਲ ਦੇ ਝੂਠਾਂ ਨੂੰ ਜਨਤਾ ਸਾਹਮਣੇ ਬੇਨਕਾਬ ਕਰਦੀ ਰਹੇਗੀ।

English






