‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫਲਤਾ ਤੋਂ ਬਾਅਦ ਵਿਰੋਧੀ ਪਾਰਟੀਆਂ ਬੌਖ਼ਲਾਈਆਂ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 21 ਨਵੰਬਰ 2025
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ’ ਅਤੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਵਿਚ ਮਿਲ ਰਹੀ ਸਫਲਤਾ ’ਤੇ ਬੇਲੋੜੀ ਬਿਆਨਬਾਜ਼ੀ ਕਰ ਰਹੀਆਂ ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ ਅਤੇ ਤਰੱਕੀ ਲਈ ਖ਼ਤਰਾ ਪੈਦਾ ਕਰਨ ਵਾਲੇ ਹਰ ਨੈੱਟਵਰਕ ਨੂੰ ਖ਼ਤਮ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਪੱਸ਼ਟ ਨਿਰਦੇਸ਼ਾਂ ਹੇਠ ਗੈਂਗਸਟਰਾਂ, ਸੰਗਠਿਤ ਅਪਰਾਧ ਸਿੰਡੀਕੇਟਾਂ ਅਤੇ ਸਾਲਾਂ ਤੋਂ ਧੜੱਲੇ ਨਾਲ ਕੰਮ ਕਰਦੇ ਡਰੱਗ ਮਾਫੀਆ ਵਿਰੁੱਧ ਮਿਸਾਲੀ ਤੇ ਮੁਸਤੈਦ ਕਾਰਵਾਈ ਨਿਰੰਤਰ ਜਾਰੀ ਹੈ।
ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਜ਼ੀਰੋ-ਟੌਲਰੈਂਸ ਪਹੁੰਚ ਅਪਣਾਉਣ, ਖੁਫੀਆ ਕਾਰਵਾਈਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਾਂਤੀ ਅਤੇ ਜਨਤਕ ਵਿਵਸਥਾਵਾਂ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਸਰਗਰਮ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਭਰ ਵਿੱਚ ਟੀਚਾਬੱਧ ਕਾਰਵਾਈਆਂ, ਅੰਤਰ-ਵਿੰਗ ਤਾਲਮੇਲ ਵਿੱਚ ਵਾਧਾ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਸਮੇਤ ਨਸ਼ਾ ਛੁਡਾਊ ਪਹਿਲਕਦਮੀਆਂ ਵਰਗੇ ਕਈ ਫੈਸਲਾਕੁੰਨ ਉਪਾਅ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 6 ਅਪ੍ਰੈਲ, 2022 ਤੋਂ 18 ਨਵੰਬਰ, 2025 ਤੱਕ, ਗੈਂਗਸਟਰਾਂ ਵਿਰੁੱਧ ਆਪਣੀ ਸਖ਼ਤ ਕਾਰਵਾਈ ਤਹਿਤ 310 ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦੌਰਾਨ 300 ਤੋਂ ਵੱਧ ਮੁਲਜ਼ਮ ਫੱਟੜ ਹੋਏ , 30 ਨੂੰ ਬੇਅਸਰ ਕੀਤਾ ਗਿਆ ਜਦਕਿ 3 ਪੁਲਿਸ ਮੁਲਾਜ਼ਮ ਸ਼ਹੀਦ ਹੋਏ ਅਤੇ 30 ਹੋਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਹੋਰ ਹਥਿਆਰਾਂ ਤੋਂ ਇਲਾਵਾ 511 ਪਿਸਤੌਲ, 43 ਰਾਈਫਲਾਂ ਬਰਾਮਦ ਕੀਤੀਆਂ ਗਈਆਂ।
ਸ. ਚੀਮਾ ਨੇ ਕਿਹਾ ਕਿ ਗੈਂਗਸਟਰ ਅਕਾਲੀ-ਭਾਜਪਾ ਸਰਕਾਰ ਦੌਰਾਨ ਪਣਪੇ ਹਨ, ਜਦੋਂ ਕਿ ਕਾਂਗਰਸ ਸਰਕਾਰ ਨੇ ਆਪਣੇ ਨਿੱਜੀ ਹਿੱਤਾਂ ਵਾਸਤੇ ਉਨ੍ਹਾਂ ਦੀ ਪੁਸ਼ਤਪਨਾਹੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਨੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਇੱਕ ਛੋਟੇ ਜਿਹੇ ਮਾਮਲੇ ਵਿੱਚ ਰੋਪੜ ਜੇਲ੍ਹ ਵਿੱਚ ਬੰਦ ਰੱਖਿਆ ਤਾਂ ਜੋ ਉਸਨੂੰ ਰਾਜਨੀਤਿਕ ਵਿਰੋਧੀਆਂ ਵਿਰੁੱਧ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਭਾਜਪਾ ਦੇ ਇਸ਼ਾਰੇ ’ਤੇ ਵਿਰੋਧੀ ਪਾਰਟੀ ਦੇ ਨੇਤਾਵਾਂ ਅਤੇ ਆਮ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ।

English






