ਮੁੱਖ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਗੈਰ ਯੋਜਨਾਬੱਧ ਕਲੋਨੀਆਂ ਦੀ ਉਸਾਰੀ ਨੂੰ ਰੋਕਣ ਦੇ ਆਦੇਸ਼

MEETING
PUNJAB CM ASKS PRINCIPAL SECRETARY LOCAL GOVT TO CHECK GROWTH OF UNPLANNED COLONIES

ਚੰਡੀਗੜ੍ਹ, 29 ਸਤੰਬਰ 2021

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਵਿੱਚ ਗੈਰ ਯੋਜਨਾਬੱਧ ਅਤੇ ਬਿਨਾਂ ਤਰਤੀਬ ਵਾਲੀਆਂ ਉਸਾਰੀਆਂ ਨੂੰ ਰੋਕਣ ਅਤੇ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਨ।

ਹੋਰ ਪੜ੍ਹੋ :-ਜਲੰਧਰ ਨੇ ਟੀਕਾਕਰਨ ਮੁਹਿੰਮ ਤਹਿਤ 85 ਫੀਸਦੀ ਤੋਂ ਵੱਧ ਵਸੋਂ ਨੂੰ ਕੀਤਾ ਕਵਰ, 33 ਫੀਸਦੀ ਦਾ ਕੀਤਾ ਮੁਕੰਮਲ ਟੀਕਾਕਰਨ : ਘਨਸ਼ਿਆਮ ਥੋਰੀ

ਸਥਾਨਕ ਸਰਕਾਰਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸ. ਚੰਨੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ ਕੇ ਸਿਨਹਾ ਨੂੰ ਕਿਹਾ ਕਿ ਉਹ ਨਗਰ ਕੌਂਸਲਾਂ ਨੂੰ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕਰਨ ਤਾਂ ਜੋ ਸ਼ਹਿਰੀ ਖੇਤਰਾਂ ਵਿੱਚ ਸਬੰਧਤ ਅਥਾਰਟੀਆਂ ਵੱਲੋਂ ਪ੍ਰਵਾਨਤ ਇਮਾਰਤ ਯੋਜਨਾਵਾਂ ਅਨੁਸਾਰ ਹੀ ਮਕਾਨਾਂ ਦੀ ਉਸਾਰੀ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਤੌਰ ‘ਤੇ ਇਹ ਵੀ ਕਿਹਾ ਕਿ ਵਿਭਾਗ ਵਿੱਚ ਵੱਖ -ਵੱਖ ਪੱਧਰਾਂ ‘ਤੇ ਫੈਲੇ ਭ੍ਰਿਸ਼ਟਾਚਾਰ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਆਮ ਲੋਕਾਂ ਵੱਲੋਂ ਇਮਾਰਤਾਂ ਦੀਆਂ ਯੋਜਨਾਵਾਂ ਦੀ ਪ੍ਰਵਾਨਗੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨਾਂ ਦੀ ਪ੍ਰਵਾਨਗੀ ਵਰਗੇ ਕੰਮਾਂ ਨੂੰ ਕਰਵਾਉਣ ਲਈ ਪ੍ਰੇਸ਼ਾਨੀ ਹੋਣ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ।

ਉਨ੍ਹਾਂ ਪ੍ਰਮੁੱਖ ਸਕੱਤਰ ਸਰਕਾਰ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਪੀਣਯੋਗ ਪਾਣੀ ਦੀ ਸਪਲਾਈ, ਸਟਰੀਟ ਲਾਈਟ, ਸੀਵਰੇਜ, ਸੜਕਾਂ ਅਤੇ ਪਾਰਕਾਂ ਆਦਿ ਵਰਗੀਆਂ ਬਿਹਤਰੀਨ ਨਾਗਰਿਕ ਸਹੂਲਤਾਂ ਦਿੱਤੀਆਂ ਜਾਣਾ ਯਕੀਨੀ ਬਣਾਉਣ। ਉਹਨਾਂ ਅੱਗੇ ਕਿਹਾ ਕਿ ਕਲੋਨੀਆਂ ਵਿੱਚ 35 ਫੁੱਟ ਦੀਆਂ ਸੜਕਾਂ ਹੋਣ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸੜਕ ਤੱਕ ਸੰਪਰਕ ਹਾਸਿਲ ਹੋ ਸਕੇ। ਉਨ੍ਹਾਂ ਕਿਹਾ ਕਿ 20 ਫੁੱਟ ਦੀਆਂ ਤੰਗ ਸੜਕਾਂ ਵਾਲੀਆਂ ਕਾਲੋਨਾਈਜ਼ਰਾਂ ਦੀਆਂ ਯੋਜਨਾਵਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਣਾ ਚਾਹੀਦਾ। ਸ. ਚੰਨੀ ਨੇ ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਨੂੰ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਵਿਧੀ ਸਥਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਸੂਬੇ ਦੇ ਸਮੁੱਚੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਨੂੰ ਨਗਰ ਕੌਂਸਲਾਂ ਦੇ ਈਓਜ਼ ਦੀ ਨਿਯਮਤ ਮੀਟਿੰਗਾਂ ਕਰਨ ਦੇ ਨਿਰਦੇਸ਼ ਦੇਣ ਲਈ ਵੀ ਕਿਹਾ।