ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਵਾਸਤੇ ਵਿਦਿਆਰਥੀਆਂ ਤੋਂ ਟ੍ਰਾਂਸਫਰ ਸਰਟੀਫਿਕੇਟ ਨਾ ਲੈਣ ਦੀ ਸਕੂਲ ਮੁਖੀਆਂ ਨੂੰ ਹਦਾਇਤ

Punjab School Education Minister Mr. Vijay Inder Singla

ਚੰਡੀਗੜ੍ਹ, 9 ਸਤੰਬਰ – ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ।

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਲਿਖੇ ਪੱਤਰ ਵਿੱਚ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਾਖਲੇ ਸਬੰਧੀ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਸਬੰਧ ਵਿੱਚ ਕੋਈ ਮੁਸ਼ਕਲ ਨਾ ਆਵੇ।

ਬੁਲਾਰੇ ਅਨੁਸਾਰ ਸਿੱਖਿਆ ਸਕੱਤਰ ਨੇ ਆਪਣੇ ਪੱਤਰ ਵਿੱਚ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੇ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜ੍ਹਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ। ਬੁਲਾਰੇ ਅਨੁਸਾਰ ਟ੍ਰਾਂਸਫਰ ਸਰਟੀਫਿਕੇਟ ਨਾ ਦੇਣ ਵਾਲੇ ਸਕੂਲਾਂ ਦੇ ਨਾਂ ਮੁੱਖ ਦਫਤਰ ਨੂੰ ਭੇਜਣ ਵਾਸਤੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।