ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਵਿਖੇ ’ਦਾਸਤਾਨ-ਏ-ਸਹਾਦਤ’ ਮਨੁੱਖਤਾ ਨੂੰ ਸਮਰਪਿਤ

BAN CHAN
CM CHANNI ACCOMPANIED BY PUNJAB GOVERNOR DEDICATES PRESTIGIOUS DASTAN-E-SHAHADAT TO MANKIND AT SRI CHAMKAUR SAHIB
ਥੀਮ ਪਾਰਕ ਨੌਜਵਾਨ ਪੀੜੀਆਂ ਨੂੰ ਸਾਡੀ ਸ਼ਾਨਾਮੱਤੀ ਵਿਰਾਸਤ ਨਾਲ ਕਰਵਾਏਗਾ ਜਾਣੂੰ
ਸ੍ਰੀ ਚਮਕੌਰ ਸਾਹਿਬ, 19 ਨਵੰਬਰ:
ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ 40 ਸਹੀਦਾਂ ਨੂੰ ਸਰਧਾਂਜਲੀ ਭੇਟ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੰਤ ਸਮਾਜ ਅਤੇ ਹੋਰ ਉੱਘੀਆਂ ਸਖਸੀਅਤਾਂ ਦੀ ਹਾਜਰੀ ਵਿੱਚ ’ਦਾਸਤਾਨ-ਏ-ਸਹਾਦਤ’ ਮਨੁੱਖਤਾ ਨੂੰ ਸਮਰਪਿਤ ਕੀਤੀ ਤਾਂ ਜੋ ਸਾਡੀਆਂ ਨੌਜਵਾਨ ਪੀੜੀਆਂ ਨੂੰ ਮਹਾਨ ਕੁਰਬਾਨੀਆਂ ਨਾਲ ਭਰੇ ਸਾਡੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਇਸ ਅਤਿ-ਆਧੁਨਿਕ ਥੀਮ ਪਾਰਕ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਉਨਾਂ ਦੀ ਜ਼ਿੰਦਗੀ ਦਾ ਸੁਪਨਾ ਸਾਕਾਰ ਹੋ ਗਿਆ ਹੈ ਜੋ ਕਿ ਨਾ ਸਿਰਫ਼ ਸੂਬੇ ਦੇ ਲੋਕਾਂ ਸਗੋਂ ਦੇਸ਼ ਅਤੇ ਵਿਸ਼ਵ ਭਰ ਤੋਂ ਇੱਥੇ ਆਉਣ ਵਾਲੇ ਲੋਕਾਂ ਨੂੰ ਕੱਚੀ ਗੜੀ ਦੀ ਗਾਥਾ ਬਾਰੇ ਜਾਣੂੰ ਕਰਵਾਏਗਾ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ’ਤੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰਪੁਰਬ ਮੌਕੇ ਇਸ ਵੱਕਾਰੀ ਪ੍ਰੋਜੈਕਟ ਦਾ ਉਦਘਾਟਨ ਕਰਨਾ ਸੱਚਮੁੱਚ ਬਹੁਤ ਮਾਣ ਵਾਲੀ ਗੱਲ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਲੜਾਈ ਭਾਰਤੀ ਇਤਿਹਾਸ ਦਾ ਇੱਕ ਮਹੱਤਵਪੂਰਨ ਪਲ ਹੈ ਜਦੋਂ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਦਿਆਂ ਸਮੇਤ ਸਿਰਫ਼ 42 ਬਹਾਦਰ ਸਿੱਖ ਯੋਧਿਆਂ ਨੇ ਮੁਗਲਾਂ ਦੀ ਵੱਡੀ ਫੌਜ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ।
ਥੀਮ ਪਾਰਕ ਦੇ ਸੰਕਲਪ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਸਾਡੇ ਬਹਾਦਰ ਯੋਧਿਆਂ ਦੇ ਖੂਨ ਨਾਲ ਸਿੰਜੀ ਹੋਈ ਹੈ, ਜਿਨਾਂ ਨੇ ਮੁਗਲਾਂ ਵਿਰੁੱਧ ਲੜਾਈ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਅਤੇ ਅਸਾਧਾਰਨ ਬਹਾਦਰੀ ਵਿਖਾਈ।
ਮੁੱਖ ਮੰਤਰੀ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਇਸ ਵੱਕਾਰੀ ਥੀਮ ਪ੍ਰੋਜੈਕਟ ਦੀ ਸੁਰੂਆਤ ਕਰਨ ਲਈ ਵੀ ਸਲਾਘਾ ਕੀਤੀ। ਉਨਾਂ ਕਿਹਾ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਵਜੋਂ ਉਨਾਂ ਨੇ ਸਮੇਂ-ਸਮੇਂ ’ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਅਖ਼ੀਰ ਇਹ ਮੁਕੰਮਲ ਹੋ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਰਾਜਪਾਲ ਨਾਲ ਥੀਮ ਪਾਰਕ ਵਿਖੇ ਸੁੰਦਰ ਤੇ ਸੁਚੱਜੇ ਢੰਗ ਨਾਲ ਤਿਆਰ ਕੀਤੀਆਂ 11 ਗੈਲਰੀਆਂ ਦਾ ਦੌਰਾ ਕੀਤਾ, ਜੋ ਕਿ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤੱਕ ਦੇ ਮਹਾਨ ਸਿੱਖ ਇਤਿਹਾਸ ਅਤੇ ਸ਼ਾਨਾਮੱਤੀ ਵਿਰਾਸਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਉਂਦੀਆਂ ਹਨ। ਇੱਥੇ ਦਿਖਾਈਆਂ ਪੇਸ਼ਕਾਰੀਆਂ ਇੰਨੀਆਂ ਪ੍ਰਭਾਵੀ ਤੇ ਦਿਲਕਸ਼ ਬਣਾਈਆਂ ਗਈਆਂ ਹਨ ਕਿ ਦੇਖਣ ਵਾਲਾ ਉਸ ਯੁੱਗ ਵਿੱਚ ਪਹੁੰਚ ਜਾਂਦਾ ਹੈ ਜਦੋਂ ਇਹ ਘਟਨਾਵਾਂ ਅਸਲ ਵਿੱਚ ਵਾਪਰੀਆਂ ਸਨ। ਗੈਲਰੀਆਂ ਦੇ ਦੌਰੇ ਦੌਰਾਨ ਮੁੱਖ ਮੰਤਰੀ ਅਤੇ ਰਾਜਪਾਲ ਦੋਵਾਂ ਨੇ ਸਿੱਖ ਇਤਿਹਾਸ ਬਾਰੇ ਆਡੀਓ-ਵਿਜੂਅਲ ਪੇਸ਼ਕਾਰੀ ਵੀ ਦੇਖੀ।
ਆਪਣੇ ਸੰਬੋਧਨ ਵਿੱਚ ਨਿਹੰਗ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਖਾਸ ਕਰਕੇ ਥੀਮ ਪਾਰਕ ਦੇ ਵਿਸ਼ਾਲ ਕਾਰਜ ਨੂੰ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਥੀਮ ਪਾਰਕ ਪ੍ਰੋਜੈਕਟ ਇਸ ਪਵਿੱਤਰ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਿੱਖ ਪੰਥ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਨੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੁੱਖ ਮਾਰਗ ਤੋਂ ਗੁਰਦੁਆਰਾ ਸਾਹਿਬ ਤੱਕ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਅਤੇ ਉਹ ਹੈਰੀਟੇਜ ਸਟਰੀਟ ਤੋਂ ਥੀਮ ਪਾਰਕ ਤੱਕ ਨਗਰ ਕੀਰਤਨ ਵਿੱਚ ਵੀ ਸ਼ਾਮਲ ਹੋਏ।
ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਤੋਂ ਇਲਾਵਾ ਵੱਖ-ਵੱਖ ਉੱਘੀਆਂ ਅਧਿਆਤਮਿਕ ਅਤੇ ਧਾਰਮਿਕ ਸ਼ਖਸੀਅਤਾਂ ਨੂੰ ਸਿਰੋਪਾਓ, ਸ਼ਾਲ ਅਤੇ ਥੀਮ ਪਾਰਕ ਦੀ ਫਰੇਮ ਵਾਲੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿਸ਼ੇਸ਼ ਮੁੱਖ ਸਕੱਤਰ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੀ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸਨਰ ਰੂਪਨਗਰ ਸੋਨਾਲੀ ਗਿਰੀ ਅਤੇ ਐੱਸਐੱਸਪੀ ਰੂਪਨਗਰ ਵਿਵੇਕ ਐਸ ਸੋਨੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।