ਬਰਨਾਲਾ,13 ਸਤੰਬਰ :
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾ ਕੇ ਸ਼੍ਰੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦੇ ਪ੍ਰਗਟਾਵੇ ਦੇ ਨਾਲ-ਨਾਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇੰਨ੍ਹਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿਨ੍ਹਾਂ ’ਚ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਛੇਵੀਂ ਵੰਨਗੀ ਪੋਸਟਰ ਮੇਕਿੰਗ ਦੇ ਆਨਲਾਈਨ ਵਿੱਦਿਅਕ ਮੁਕਾਬਲੇ 14 ਸਤੰਬਰ ਤੋਂ ਆਰੰਭ ਹੋ ਰਹੇ ਹਨ।ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਵੀ ਤਿੰਨੇ ਵਰਗਾਂ ‘ਚ ਹਿੱਸਾ ਲੈ ਰਹੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਸਰਬਜੀਤ ਸਿੰਘ ਤੂਰ , ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ ਕਰ ਸਕਦੇ ਹਨ। ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।

English





