ਜ਼ਿਲਾ ਮੈਜਿਸਟ੍ਰੇਟ ਵੱਲੋਂ ਜ਼ਿਲੇ ਵਿਚ ਸੜਕਾਂ ਅਤੇ ਚੌਕਾਂ ਵਿਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

DC SBS Nawanshahr Dr. Shena Aggarwal
*ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ
ਨਵਾਂਸ਼ਹਿਰ, 19 ਸਤੰਬਰ –
 ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ-ਜਲੰਧਰ-ਅੰਮਿ੍ਰਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾਂ ਵਿਚ ਟ੍ਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
  ਜ਼ਿਲਾ ਮੈਜਿਸਟ੍ਰੇਟ ਅਨੁਸਾਰ ਰੋਸ ਧਰਨਿਆਂ ਵਾਸਤੇ ਜ਼ਿਲੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਲੈਣੀ ਜ਼ਰੂਰੀ ਹੋਵੇਗੀ।
  ਨਵਾਂਸ਼ਹਿਰ ਵਿਖੇ ਚੰਡੀਗੜ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ ਕੰਪਲੈਕਸ ਵਿਚ ਵੀ ਅਜਿਹੀ ਕਿਸੇ ਕਿਸੇ ਵੀ ਤਰਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ ’ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਉਕਤ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਹੋਰ ਕਿਸੇ ਵੀ ਥਾਂ/ਸੜਕ ’ਤੇ ਰੋਸ ਧਰਨਾ/ਪ੍ਰਦਰਸ਼ਨ ਕਰਨ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਮਨਾਹੀ ਦੇ ਹੁਕਮ 16 ਨਵੰਬਰ 2020 ਤੱਕ ਲਾਗੂ ਰਹਿਣਗੇ।