ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ‘ਚ ਲਗਾਏ ਕੈਂਪ

Patiala Farmer

ਪਟਿਆਲਾ, 5 ਅਕਤੂਬਰ:
ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੇ ਇਸ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਨਾ ਲਾ ਕੇ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕ ਕਰਨ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸ. ਸਰਬੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਨਸਿਟੂ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿਚ ਹੀ ਵਾਹੁਣ ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਦੀ ਜਾਣਕਾਰੀ ਕਿਸਾਨਾਂ ਨੂੰ ਜਾਗਰੂਕਤਾ ਕੈਂਪਾਂ ਰਾਹੀਂ ਦਿੱਤੀ ਜਾ ਰਹੀ ਹੈ।
ਡਿਪਟੀ ਰਜਿਸਟਰਾਰ ਨੇ ਦੱਸਿਆ ਕਿ ਕਿਸਾਨਾਂ ਨੂੰ ਕੰਬਾਈਨਾਂ ‘ਤੇ ਸੁਪਰ ਐਸ ਐਮ ਐਸ, ਪੈਡੀ ਚੌਪਰ, ਮਲਚਰ, ਹੈਪੀ ਸੀਡਰ, ਜ਼ੀਰੋ ਟਿਲ ਡਰਿੱਲ ਆਦਿ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਾਲ ਹੀ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਸਿਹਤ ਅਤੇ ਖੇਤਾਂ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਬਲਾਕ ਪਟਿਆਲਾ, ਰਾਜਪੁਰਾ, ਨਾਭਾ, ਘਨੌਰ ਅਤੇ ਸਮਾਣਾ ਦੇ ਵੱਖ-ਵੱਖ ਪਿੰਡਾਂ ‘ਚ ਜਾਗਰੂਕਤਾ ਕੈਂਪ ਲਗਾਏ ਗਏ ਹਨ ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਮਾਹਰਾਂ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਦੇ ਨਿਪਟਾਰੇ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਮਾਹਰਾਂ ਵੱਲੋਂ ਜਵਾਬ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਅਜਿਹੇ ਜਾਗਰੂਕਤਾ ਕੈਂਪ ਲਗਾਤਾਰ ਲਗਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਅਤੇ ਨਵੀਆਂ ਤਕਨੀਕਾਂ ਨਾਲ ਇਸ ਦੇ ਹੱਲ ਸਬੰਧੀ ਜਾਗਰੂਕ ਕੀਤਾ ਜਾ ਸਕੇ।