ਜਲਦੀ ਭ੍ਰਿਸ਼ਟਾਚਾਰ ਮੁਕਤ ਹੋਵੇਗਾ ਪੰਜਾਬ : ਦਹੀਯਾ
ਫਿਰੋਜ਼ਪੁਰ, 27 ਮਈ :-
ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਨੇ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਅਹੁਦਾ ਸਾਂਭਣ ਮੌਕੇ ਸ਼ਹੀਦਾਂ ਦੀ ਧਰਤੀ ‘ਤੇ ਕਿਹਾ ਸੀ, “ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਜੋ ਵੀ ਰਿਸ਼ਵਤ ਮੰਗੇਗਾ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਸਾਰੇ ਮਿਲ ਕੇ ਇੱਕ ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਨਿਰਮਾਣ ਕਰਾਂਗੇ।” ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ – 9501-200-200 ਦੀ ਸ਼ੁਰੂਆਤ ਕਰ ਕੇ ਸਪੱਸ਼ਟ ਸੰਦੇਸ਼ ਦੇ ਦਿੱਤਾ ਸੀ ਕਿ “ਜੇ ਕੋਈ ਸਰਕਾਰੀ ਕਰਮਚਾਰੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਮਨ੍ਹਾ ਨਾ ਕਰੋ ਇਸ ਦੀ ਬਜਾਏ ਗੱਲਬਾਤ ਰਿਕਾਰਡ ਕਰੋ ਤੇ ਆਡੀਓ/ਵੀਡੀਓ ਵੱਟਸਐਪ ਦਿੱਤੇ ਗਏ ਨੰਬਰ ‘ਤੇ ਭੇਜੋ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿੱਜੀ ਤੌਰ ‘ਤੇ ਇਸ ਨੰਬਰ ਉਪਰ ਨਜ਼ਰ ਰੱਖ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਹੀ ਕੈਬਨਿਟ ਵਜ਼ੀਰ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਢੀਖੋਰੀ ਨੂੰ ਕਦੇ ਵੀ ਬਰਦਾਸ਼ਤ ਨਾ ਕਰਨ ਦੇ ਰਾਹ ਉਤੇ ਚੱਲਦੀ ਰਹੇਗੀ ਅਤੇ ਕਿਸੇ ਨੂੰ ਵੀ, ਚਾਹੇ ਉਹ ਕਿੰਨਾ ਵੀ ਰਸੂਖਦਾਰ ਹੀ ਕਿਉਂ ਨਾ ਹੋਵੇ, ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਲੋਕਾਂ ਨੇ ਭਗਵੰਤ ਮਾਨ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਨਿਜ਼ਾਮ ਵਜੋਂ ਚੁਣਿਆ ਸੀ ਅਤੇ ਉਹ ਹਰੇਕ ਪੰਜਾਬੀ ਦੀਆਂ ਇੱਛਾਵਾਂ ਉਤੇ ਖਰਾ ਉਤਰ ਰਹੇ ਹਨ।
ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਭਾਵੇਂ ਸਾਡੇ ਮੁਲਕ ਨੂੰ ਆਜ਼ਾਦ ਹੋਏ ਨੂੰ 75 ਸਾਲ ਹੋ ਚੁੱਕੇ ਹਨ ਪਰ ਸੂਬੇ ਵਿਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਿਥੇ ਕਿਸੇ ਸਰਕਾਰ ਨੇ ਆਪਣੇ ਹੀ ਵਜ਼ੀਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖਾਸਤ ਕੀਤਾ ਹੋਵੇ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਉਦੋਂ ਮਿਸਾਲ ਕਾਇਮ ਕੀਤੀ, ਜਦੋਂ ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਬਰਖਾਸਤ ਕੀਤਾ ਸੀ।
ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਵੀ ਸਪੱਸ਼ਟ ਸੰਕੇਤ ਦੇ ਦਿੱਤਾ ਗਿਆ ਹੈ ਕਿ ਸੂਬੇ ਵਿੱਚ ਭ੍ਰਿਸ਼ਟ ਕਾਰਵਾਈਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

English






