ਸਿਵਲ ਸਰਜਨ ਵਲੋਂ ਜਿ਼ਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਹਰ ਸਮੇਂ ਜ਼ਰੂਰੀ ਦਵਾਈਆਂ ਦਾ ਪੂਰਾ ਸਟਾਕ ਰੱਖਣ ਦੀਆਂ ਹਦਾਇਤਾਂ

ਐਸ.ਏ.ਐਸ. ਨਗਰ 19 ਜੁਲਾਈ :- 

ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਸਵੇਰੇ ਸਥਾਨਕ ਜਿ਼ਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ é¶ ਵੱਖ ਵੱਖ ਵਾਰਡਾਂ ਖਾਸਕਰ ਐਮਰਜੈਂਸੀ ਵਾਰਡ, ਲੇਬਰ ਰੂਮ, ਮੈਡੀਸਨ ਸਟੋਰ, ਜੱਚਾ—ਬੱਚਾ ਵਾਰਡ, ਆਪਰੇਸ਼ਨ ਥੀਏਟਰ ਅਤੇ ਲੈਬ ਆਦਿ ਵਿਚ ਜਾ ਕੇ ਜਾਂਚ ਪੜਤਾਲ ਕੀਤੀ ਤੇ ਡਾਕਟਰੀ ਸਾਜ਼ੋ ਸਮਾਨ ਦਾ ਮੁਆਇਨਾ ਕੀਤਾ।ਉਨ੍ਹਾਂ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨਾਲ ਵੀ ਗੱਲਬਾਤ ਕੀਤੀ ਜਿਨ੍ਹਾਂ ਹਸਪਤਾਲ ਵਿਚ ਮਿਲ ਰਹੀਆਂ ਸਹੂਲਤਾਂ ਉਤੇ ਤਸੱਲੀ ਪ੍ਰਗਟ ਕੀਤੀ।ਉਨ੍ਹਾਂ ਓ.ਪੀ.ਡੀ. ਪਰਚੀਆਂ ਬਣਾਉਣ ਦੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਵੱਖ— ਵੱਖ ਰਜਿਸਟਰ ਵੀ ਚੈਕ ਕੀਤੇ।
ਚੈਕਿੰਗ ਮੁਹਿੰਮ ਦੌਰਾਨ ਡਾ. ਆਦਰਸ਼ਪਾਲ ਕੌਰ ਨੇ ਹਸਪਤਾਲ ਦੇ ਮੁਖੀਆਂ, ਡਾਕਟਰਾਂ ਤੇ ਹੋਰ ਸਟਾਫ਼ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਦੀ ਫ਼ਾਰਮੇਸੀ ਵਿਚ ਉਪਲਭਧ ਦਵਾਈਆਂ ਹੀ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਜੇ ਸਟਾਫ ਵਲੋਂ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕੋਈ ਢਿੱਲ ਜਾਂ ਲਾਪਰਵਾਹੀ ਵਰਤੀ ਜਾਂਦੀ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਸਰਕਾਰ ਵਲੋਂ ਤੈਅ ਦਵਾਈਆਂ ਦਾ ਸਟਾਕ ਪੂਰਾ ਹੋਣਾ ਚਾਹੀਦਾ ਹੈ।ਜੇ ਦਵਾਈਆਂ ਦੀ ਘਾਟ ਹੈ ਤਾਂ ਤੁਰੰਤ ਮੁੱਖ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ ਅਤੇ ਦਵਾਈਆਂ ਦੀ ਉਪਲਭਧਤਾ ਯਕੀਨੀ ਬਣਾਈ ਜਾਵੇ।ਉਨ੍ਹਾਂ ਹਸਪਤਾਲ ਵਿਚ ਪੂਰੀ ਸਾਫ—ਸਫਾਈ ਯਕੀਨੀ ਕਰਨ ਲਈ ਵੀ ਆਖਿਆ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਾਰੀਆਂ ਕੇਂਦਰੀ ਅਤੇ ਸੂਬਾਈ ਸਿਹਤ ਯੋਜਨਾਵਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾਵੇ ਤਾਕਿ ਇਨ੍ਹਾਂ ਦਾ ਪੂਰਾ ਲਾਭ ਆਮ ਲੋਕਾਂ ਨੂੰ ਮਿਲ ਸਕੇ।ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਜਾਂਚ ਦਾ ਮੰਤਵ ਹਸਪਤਾਲ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਹੈ ਜਿਸ ਲਈ ਲੋਕਾਂ ਦਾ ਸਹਿਯੋਗ ਵੀ ਲੋੜੀਂਦਾ ਹੈ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ, ਡਾ. ਐਚ.ਐਸ. ਚੀਮਾ, ਡਾ. ਪਰਮਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

ਹੋਰ ਪੜ੍ਹੋ :- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀਰਾਂ ਲਈ ਅਡਵਾਈਜ਼ਰੀ ਜਾਰੀ