ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਨਵੇਂ ਖੁੱਲ੍ਹਣ ਜਾ ਰਹੇ ਆਮ ਆਦਮੀ ਕਲੀਨਿਕਾ ਦਾ ਦੌਰਾ

ਜ਼ਿਲ੍ਹੇ ਵਿੱਚ 15 ਅਗਸਤ ਤੋਂ ਖੁੱਲ੍ਹਣ ਜਾ ਰਹੇ ਆਮ ਆਦਮੀ ਕਲੀਨਿਕਾਂ ਨਾਲ ਲੋਕਾਂ ਚ ਖੁਸ਼ੀ ਦੀ ਲਹਿਰ : ਚੇਤਨ ਸਿੰਘ ਜੋੜਾਮਾਜਰਾ

ਐਸ.ਏ.ਐਸ ਨਗਰ 22 ਜੁਲਾਈ :- 


ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੇ ਖੁੱਲਣ ਜਾ ਰਹੇ ਆਮ ਆਦਮੀ ਕਲੀਨਿਕਾਂ ਦਾ ਜ਼ਮੀਨੀ ਪੱਧਰ ਤੇ ਜਾ ਕੇ ਦੌਰਾ ਕੀਤਾ। ਆਮ ਆਦਮੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਚੰਗੀ ਸਿਹਤ ਸੁਵਿਧਾਵਾਂ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਵੱਖ ਵੱਖ ਥਾਵਾਂ ਤੇ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਐੱਸ.ਐੱਸ.ਪੀ ਸ੍ਰੀ ਵਿਵੇਕਸ਼ੀਲ ਸੋਨੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਸਿਹਤ ਮੰਤਰੀ ਦਾ ਸਭ ਤੋਂ ਪਹਿਲਾ ਖਰੜ ਹਲਕੇ ਦੇ ਪਿੰਡ ਜੰਡਪੁਰ ਵਿਖੇ ਤਿਆਰ ਹੋ ਰਹੇ ਆਮ ਆਦਮੀ ਕਲੀਨਿਕ ਵਿਖੇ ਪਹੁੰਚਣ ਤੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ ।
ਸਿਹਤ ਮੰਤਰੀ ਸ੍ਰੀ ਜੋੜਾਮਾਜਰਾ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਬੁਨਿਆਦੀ ਢਾਂਚਾ, ਸਾਜ਼ੋਸਮਾਨ, ਡਾਕਟਰਾਂ ਦੀ ਤਾਇਨਾਤੀ ਆਦਿ ਦਾ ਪ੍ਰਬੰਧ ਦਾ ਜਾਇਜਾ ਲੈਣ ਲਈ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਵੱਲੋਂ ਤੰਦਰੁਸਤ ਮਨ ਅਤੇ ਤੰਦਰੁਸਤ ਵਿਚਾਰ ਦੀ ਸੋਚ ਅਧੀਨ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ਹਿਰਾਂ ਤੇ ਪੇਂਡੂ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ । ਉਨਾਂ ਕਿਹਾ ਕਿ ਲੋਕਾਂ ਦੀਆਂ ਸਿਹਤ ਸਬੰਧੀ ਸੇਵਾਵਾਂ 15 ਅਗਸਤ ਨੂੰ ਸ਼ੁਰੂ ਹੋ ਜਾਣਗੀਆਂ । ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਹਾਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ  ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ । ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਅਤੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਚੰਗੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ  ।

ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬਣ ਰਹੇ ਆਮ ਆਦਮੀ ਕਲੀਨਿਕਾਂ ਦੇ ਦੌਰੇ ਦੌਰਾਨ ਸਭ ਤੋਂ ਸਿਹਤ ਮੰਤਰੀ ਵੱਲੋਂ ਖਰੜ ਹਲਕੇ ਦੇ ਪਿੰਡ ਜੰਡਪੁਰ,ਛੱਜੂਮਾਜਰਾ ਦਾ ਦੌਰਾ ਕੀਤਾ ਗਿਆ। ਇਸ ਉਪਰੰਤ ਡੇਰਾਬੱਸੀ ਹਲਕੇ ਦੇ ਪਿੰਡ ਸੈਦਪੁਰ ਅਤੇ ਲਾਲੜੂ ਵਿਖੇ ਬਣੇ ਵੱਖ ਵੱਖ ਆਮ ਆਦਮੀ ਕਲੀਨਿਕਾਂ ਦਾ ਦੌਰਾ ਵੀ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾ ਡੇਰਾਬੱਸੀ ਅਤੇ ਲਾਲੜੂ ਦੇ ਸਰਕਾਰੀ ਹਸਪਤਾਲਾਂ ਦਾ ਵੀ ਦੌਰਾ ਕੀਤਾ ਅਤੇ ਉੱਥੇ ਦਾਖਿਲ ਮਰੀਜਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੀ ਵਿਸ਼ੇਸ ਤੌਰ ਤੇ ਮੌਜੂਦ ਸਨ।

 

           ਇਸ ਦੌਰੇ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਨਿੱਤ ਪੇਸ਼ ਆ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਇਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ । ਮੌਕੇ ਤੇ ਮੌਜੂਦ ਲੋਕਾਂ ਦੇ ਇਕੱਠ ਵੱਲੋਂ ਉਨ੍ਹਾਂ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਖੁੱਲ੍ਹ ਰਹੇ ਕਲੀਨਿਕਾ ਪ੍ਰਤੀ ਖੁਸ਼ੀ ਪ੍ਰਗਟਾਉਂਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ।