ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਦੀ ਮੁਹਿੰਮ ਦਾ ਆਗਾਜ਼

ਪੰਜਾਬ ਸਰਕਾਰ ਵਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ

 

  • ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਾਬੰਦੀ ਨੂੰ ਲਾਗੂ ਕਰਨ ਲਈ ਟੀਮਾਂ ਬਣਾਈਆਂ ਜਾਣਗੀਆਂ

 

  • ਪ੍ਰਦਰਸ਼ਨੀ ਵਿੱਚ ਪੱਤਿਆਂ ਨਾਲ ਬਣੀਆਂ ਥਾਲੀਆਂ ਅਤੇ ਕੋਲੀਆਂ ਦੀ ਸਟਾਲ ਲਗਾਈ ਗਈ

 

ਰੂਪਨਗਰ5 ਅਗਸਤ :- ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ‘ਤੇ ਪੂਰਨ ਪਾਬੰਦੀ ਸਬੰਧੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਸਮਾਗਮ ਕਰਵਾਇਆ ਗਿਆ।

 

ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਕਾਲਜ ਰੋਪੜ ਵਿਖੇ ਇੱਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਇੱਕ ਵਿਸ਼ੇਸ਼ ਪ੍ਰੈਜਨਟੇਸ਼ਨ ਦਿੰਦਿਆਂ ਕਿਹਾ ਕਿ ਇਹ ਉਪਰਾਲਾ ਲੋਕਾਂ ਨੂੰ ਇਸ ਮੁਹਿੰਮ ਦੇ ਨਾਲ ਜੋੜ ਕੇ ਸਫਲ ਬਣਾਉਣਾ ਹੈ। ਜਿੱਥੇ ਸਿੰਗਲ ਯੂਜ਼ ਪਲਾਸਟਿਕ ਨਾਲ ਸਾਡੇ ਵਾਤਾਵਰਤਨ ਅਤੇ ਜੀਵ-ਜੰਤੂਆਂ ਦੇ ਜੀਵਨ ਉੱਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ ਉੱਥੇ ਹੀ ਮਨੁੱਖ ਵੀ ਪਲਾਸਟਿਕ ਦੀ ਵਰਤੋਂ ਨਾਲ ਵੱਖ-ਵੱਖ ਬਿਮਾਰੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਨਾਲ ਜਲ ਪ੍ਰਦੂਸ਼ਣ, ਹਵਾ ਪ੍ਰਦੂਸ਼ਣ ਵਿੱਚ ਵੀ ਵਾਧਾ ਹੋ ਰਿਹਾ ਹੈ। ਜਿਸ ਲਈ ਮਨੁੱਖੀ ਜੀਵਨ ਅਤੇ ਸਿਹਤਮੰਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਲੋਕਾਂ ਤੇ ਆਪ ਸਭ ਦੇ ਸਹਿਯੋਗ ਨਾਲ ਪਲਾਸਟਿਕ ਦੇ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਨੂੰ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਕੱਪੜੇ ਅਤੇ ਜੂਟ ਦੇ ਥੈਲਿਆਂ ਦੀ ਵਰਤੋਂ ਕਰ ਰਹੇ ਹਨ।

ਇਸ ਮੌਕੇ ਉੱਤੇ ਐਕਸ.ਈ.ਐਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀਮਤੀ ਕੰਵਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿੰਗਲ ਯੂਜ਼ ਪਲਾਸਟਿਕ ਉੱਤ ਰੋਕ ਲਗਾ ਦਿੱਤੀ ਹੈ ਜਿਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਪੰਚਾਇਤਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਵਿੱਚ ਆਪਣਆ ਵੱਡਮੁੱਲਾ ਯੋਗਦਾਨ ਪਾ ਕੇ ਸਰਕਾਰੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਆ ਕਰਨ ਅਤੇ ਆਪਣੇ ਵਾਤਾਵਰਨ ਨੂੰ ਸੁਰੱਖਿਅਤ ਕਰਨ।

 

ਇਸ ਪ੍ਰੋਗਰਾਮ ਵਿੱਚ ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀ ਸਿਮਰਨਜੀਤ ਸਿੰਘ, ਵਨੀਤ ਸ਼ਰਮਾ, ਬਹਾਦੁਰ ਸਿੰਘ, ਤੁਸ਼ਾਰ ਵਰਮਾ, ਅਨੂਪਜੋਤ ਕੌਰ, ਨੀਤਾ ਜੋਸ਼ੀ, ਜੋਤੀ, ਸਾਹਿਬਾ ਵਲੋਂ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਨੁੱਕੜ ਨਾਟਕ ਪੇਸ਼ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।  ਇਸ ਮੌਕੇ ਸਿਮਰਨਜੋਤ ਕੌਰ ਤੇ ਹਰਪ੍ਰੀਤ ਕੌਰ ਵਲੋਂ ਕਵਿਤਾ ਗਾਇਨ ਕੀਤੀ ਗਈ। ਇਸ ਦੌਰਾਨ ਸਰਕਾਰੀ ਕਾਲਜ ਦੀ ਵਿਦਿਆਰਥਣ ਅੰਕਿਤਾ ਅਤੇ ਸਰਕਾਰੀ ਸ.ਸ. ਸਕੂਲ ਲੜਕੀਆਂ ਰੂਪਨਗਰ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਵਲੋਂ ਪਲਾਸਟਿਕ ਦੇ ਦੁਰ-ਪ੍ਰਭਾਵ ਸਬੰਧੀ ਭਾਸ਼ਣ ਦਿੱਤਾ ਗਿਆ।

 

ਇਸ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਵਲੋ “ਬੈਸਟ ਫਰੌਮ ਵੇਸਟ” ਤਹਿਤ ਪਲਾਸਟਿਕ ਦੇ ਨਾਕਾਰਾ ਸਮਾਨ ਦੀ ਵਰਤੋਂ ਨਾਲ ਬਣੀਆਂ ਸਾਜੋ-ਸਮਾਨ ਦੀਆਂ ਵਸਤੂਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਪੱਤਿਆਂ ਨਾਲ ਬਣੀਆਂ ਥਾਲੀਆਂ ਅਤੇ ਕੋਲੀਆਂ ਦੀ ਸਟਾਲ ਲਗਾਈ ਗਈ ਅਤੇ ਇਸ ਦੇ ਨਾਲ-ਨਾਲ ਸੈਲਫ਼ ਹੈਲਪ ਗਰੁੱਪਾਂ ਵੱਲੋਂ ਵੀ ਸਟਾਲਜ਼ ਲਗਾਏ ਗਏ।

 

ਸਮਾਗਮ ਵਿੱਚ ਸਨਅਤ ਦੇ ਖੇਤਰ, ਮਾਰਕਿਟਾਂ ਦੇ ਨੁਮਾਇੰਦਿਆਂ, ਯੂਥ ਕਲੱਬਾਂ, ਪੰਚ ਸਰਪੰਚ, ਕੌਂਸਲਰ, ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਵਿਚ ਵਾਤਾਵਰਨ ਪ੍ਰੇਮੀ ਸ਼ਾਮਲ ਹੋਏ। ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬੂਟਾ ਪ੍ਰਸ਼ਾਦ ਵੀ ਦਿੱਤਾ ਗਿਆ।

 

ਪ੍ਰੋਗਰਾਮ ਦੇ ਅੰਤ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਦਮਨਜੀਤ ਸਿੰਘ ਮਾਨ ਵਲੋਂ ਧੰਨਵਾਦੀ ਸੰਬੋਧਨ ਕੀਤਾ ਗਿਆ ਉਨ੍ਹਾਂ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੇ ਸਾਂਝੇ ਉਪਰਾਲਿਆਂ ਸਦਕਾ ਇਸ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ।

 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਤੇ ਵਿਕਾਸ) ਆਈ.ਏ.ਐਸ ਡਾ. ਸੋਨਾ ਥਿੰਦ, ਸਹਾਇਕ ਸਿਵਲ ਸਰਜਨ ਡਾ. ਬਲਦੇਵ ਸਿੰਘ, ਕਾਰਜ ਸਾਧਕ ਅਫਸਰ ਅਮਨਦੀਪ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਭਲਾਈ ਅਫਸਰ ਮਨਤੇਜ ਸਿੰਘ ਚੀਮਾ, ਪ੍ਰਿੰਸੀਪਲ ਸਰਕਾਰੀ ਕਾਲਜ ਸ਼੍ਰੀਮਤੀ ਗੁਰਪ੍ਰੀਤ ਕੌਰ, ਪ੍ਰੋ. ਨਿਰਮਲ ਸਿੰਘ, ਪ੍ਰੋ. ਜਤਿੰਦਰ ਕੁਮਾਰ, ਪ੍ਰੋ. ਉਪਦੇਸ਼ਦੀਪ ਕੌਰ, ਡੀ.ਐਫ.ਐਸ.ਸੀ. ਡਾ. ਨਵਰੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

ਹੋਰ ਪੜ੍ਹੋ :-  13 ਤੋਂ 15 ਅਗਸਤ ਤੱਕ ਚਲਾਈ ਜਾਵੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਡਿਪਟੀ ਕਮਿਸ਼ਨਰ