ਆਪ ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਰਾਜਨੀਤੀ ਖੇਡ ਰਹੀ ਹੈ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 6 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਵਿਚ ਪੁਲਿਸ ਫਾਇਰਿੰਗ ਦੇ ਸੰਵੇਦਨਸ਼ੀਲ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ ਅਤੇ ਇਸਨੂੰ ਦੋਸ਼ੀਆਂ ਨੂੰ ਫੜਨ ਅਤੇ ਸਜ਼ਾਵਾਂ ਦੇਣ ਵਿਚ ਕੋਈ ਦਿਲਚਸਪੀ ਨਹੀਂ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਇਸਦੇ ਆਗੂ ਫਾਇਰਿੰਗ ਕੇਸਾਂ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮ ਯਾਨੀ ਐਸ ਆਈ ਟੀਜ਼ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਸੌੜੇ ਸਿਆਸੀ ਹਿੱਤਾਂ ਖਿਲਾਫ ਇਹਨਾਂ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ।

ਇਥੇ ਬਹਿਬਲ ਕਲਾਂ ਕੇਸ ਦੀ ਜਾਂਚ ਕਰ ਰਹੀ ਐਸ ਆਈ ਅੱਗੇ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਚਾਹੁੰਦੇ ਹਨ ਕਿ ਇਹਨਾਂ ਕੇਸਾਂ ਦੇ ਸਾਰੇ ਦੋਸ਼ੀਆਂ ਨੂੰ ਫੜਿਆ ਜਾਵੇ ਤੇ ਸਜ਼ਾਵਾਂ ਮਿਲਣ ਪਰ ਆਪ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਉਦੋਂ ਹੋ ਰਿਹਾ ਹੈ ਜਦੋਂ ਹਾਈ ਕੋਰਟ ਨੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੇਵਾ ਮੁਕਤੀ ਤੋਂ ਬਾਅਦ ਆਪਣੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਵਾਸਤੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਲਈ ਸਖ਼ਤ ਝਾੜ ਪਾਈ ਸੀ।

ਸਰਦਾਰ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਨੇ ਇਹਨਾਂ ਕੇਸਾਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਸਿਆਸੀ ਬਦਲਾਖੋਰੀ ’ਤੇ ਉਤਰ ਆਈ ਹੈ।

ਮੀਡੀਆ ਦ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਐਸ ਆਈ ਟੀ ਨੇ ਜਿਹੜੇ ਮੈਨੂੰ ਸਵਾਲ ਪੁੱਛੇ ਉਹਨਾਂ ਦੇ ਜਵਾਬ ਸਰਕਾਰ ਪਹਿਲਾਂ ਹੀ ਜਾਣਦੀ ਹੈ। ਇਹਨਾਂ ਦੇ ਜਵਾਬ ਸਰਕਾਰ ਕੋਲ ਹਨ ਪਰ ਇਸਦੇ ਬਾਵਜੂਦ ਉਹ ਅਕਾਲੀ ਦਲ ਅਤੇ ਇਸਦੇ ਆਗੂਆਂ ਨੂੰ ਬਦਨਾਮ ਕਰਨ ਵਾਸਤੇ ਇਹ ਕਾਰਵਾਈ ਕਰ ਰਹੀ ਹੈ।

 

ਹੋਰ ਪੜ੍ਹੋ :-
ਰਮਨ ਬਹਿਲ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ