ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ
—- ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਸਮਝਣਾ ਸਮੇਂ ਦੀ ਲੋੜ – ਡਾ. ਭੀਮਇੰਦਰ ਸਿੰਘ
ਐਸ.ਏ.ਐਸ ਨਗਰ 29 ਸਤੰਬਰ:
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਮੁੱਖ ਵਕਤਾ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਮੁਖੀ ਡਾ. ਭੀਮਇੰਦਰ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ‘ਤੇ ਸਵਾਗਤ ਕਰਦਿਆਂ ਹੋਇਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਇੱਕ ਜਜ਼ਬੇ, ਸੋਚ ਅਤੇ ਵਿਚਾਰਧਾਰਾ ਦਾ ਨਾਮ ਹੈ। ਡਾ. ਭੀਮਇੰਦਰ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਮਾਂ ਰੌਸ਼ਨ ਕਰਕੇ ਸਮਾਗਮ ਦਾ ਆਰੰਭ ਕੀਤੀ ਗਿਆ।
ਸਮਾਗਮ ਦੇ ਪ੍ਰਮੁੱਖ ਵਕਤਾ ਡਾ. ਭੀਮਇੰਦਰ ਸਿੰਘ ਵੱਲੋਂ ਚਰਚਾ ਕਰਦਿਆਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਸੋਚ ਨੂੰ ਘੜ੍ਹਨ ਵਾਲੀਆਂ ਸਮਾਜਿਕ ਅਤੇ ਇਤਿਹਾਸਕ ਪ੍ਰਸਥਿਤੀਆਂ ਬਾਰੇ ਬੜੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਨੇ ਆਖਿਆ ਕਿ ਭਾਸ਼ਾ, ਸਾਹਿਤ, ਸਭਿਆਚਾਰ, ਸਮਾਜ, ਨੌਜਵਾਨ, ਰਾਜਨੀਤੀ ਆਦਿ ਬਾਰੇ ਭਗਤ ਸਿੰਘ ਦੇ ਵਿਚਾਰਾਂ ਨੂੰ ਸਮਝਣਾ ਅਤੇ ਆਤਮਸਾਤ ਕਰਕੇ ਅੱਗੇ ਵਧਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਕੱਦ ਅੱਜ ਸਾਰੀ ਦੁਨੀਆ ਵਿੱਚ ਏਨਾ ਉੱਚਾ ਹੈ ਕਿ 115 ਸਾਲਾਂ ਬਾਅਦ ਵੀ ਲੋਕ ਉਹਨਾਂ ਨੂੰ ਆਪਣਾ ਆਦਰਸ਼ ਮੰਨਦੇ ਹਨ। ਵਿਚਾਰ ਚਰਚਾ ਦੇ ਅੰਤ ਵਿੱਚ ਸਰੋਤਿਆਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਡਾ. ਭੀਮਇੰਦਰ ਸਿੰਘ ਵੱਲੋਂ ਬੜੇ ਵਿਸਥਾਰ ਸਹਿਤ ਦਿੱਤੇ ਗਏ।
ਇਸ ਮੁਕੱਦਸ ਮੌਕੇ ਸ੍ਰੀ ਭਰਪੂਰ ਸਿੰਘ, ਸ੍ਰੀ ਬਲਵਿੰਦਰ ਸਿੰਘ ਢਿੱਲੋਂ, ਡਾ. ਮਲਕੀਤ ਸਿੰਘ ਨਾਗਰਾ, ਸ੍ਰੀਮਤੀ ਦਿਲਪ੍ਰੀਤ ਚਹਿਲ, ਸ੍ਰੀ ਆਰ.ਕੇ. ਭਗਤ ਅਤੇ ਅਮਨਪ੍ਰੀਤ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਚਨਾਵਾਂ ਪੇਸ਼ ਕੀਤੀਆਂ ਗਈਆਂ। ਇਸ ਵਿਚਾਰ ਚਰਚਾ ਵਿਚ ਸ੍ਰੀ ਬਲਜੀਤ ਸਿੰਘ ਪਪਨੇਜਾ, ਡਾ. ਬਲਦੇਵ ਸਿੰਘ, ਸ੍ਰੀ ਮਨਜੀਤ ਕੌਰ ਮੀਤ, ਸ੍ਰੀ ਮਲਕੀਤ ਸਿੰਘ ਮਾਨ, ਸ੍ਰੀ ਦਿਲਬਾਗ ਸਿੰਘ, ਸ੍ਰੀ ਗੁਰਮੇਲ ਸਿੰਘ ਮੋਜੋਵਾਲ, ਸ੍ਰੀਮਤੀ ਨੀਲਮ ਨਾਰੰਗ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਗੁਰਪ੍ਰੀਤ ਸਿੰਘ ਨਿਆਮੀਆਂ, ਸ੍ਰੀ ਸਤਵਿੰਦਰ ਸਿੰਘ ਧੜਾਕ ਅਤੇ ਜ਼ਿਲ੍ਹੇ ਦੀਆਂ ਅਨੇਕ ਨਾਮਵਰ ਸ਼ਖਸੀਅਤਾਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਡਾ. ਭੀਮਇੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ‘ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਅਤੇ ‘ਮਿਸ਼ਰੀ’ ਅਤੇ ‘ਉਡੀਕਾਂ ਤੇਰੀਆਂ’ ਨਾਮੀ ਪੁਸਤਕਾਂ ਵੀ ਲੋਕ ਅਰਪਣ ਕੀਤੀਆਂ ਗਈਆਂ। ਇਸ ਮੌਕੇ ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਇੰਸਟ੍ਰਕਟਰ ਸ. ਜਤਿੰਦਰਪਾਲ ਸਿੰਘ ਅਤੇ ਸ. ਲਖਵਿੰਦਰ ਸਿੰਘ ਵੀ ਮੌਜੂਦ ਸਨ।

English






