ਗਿਰਦਾਵਰੀ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜਲੰਧਰ ਦੇ ਵਿਧਾਇਕ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ

ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਲਈ ਮਾਨ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ: ਵਿਧਾਇਕਾ ਇੰਦਰਜੀਤ ਕੌਰ

ਪ੍ਰਵਾਸੀ ਭਾਰਤੀਆਂ ਅਤੇ ਵੱਡੇ ਜ਼ਿਮੀਂਦਾਰਾਂ ਨੂੰ ਇਸ ਔਖੇ ਵੇਲੇ ਛੋਟੇ ਕਿਸਾਨਾਂ ਦੀ ਮਦਦ ਕਰਨ ਦੀ ਅਪੀਲ

ਕਿਸਾਨਾਂ ਨੂੰ ਮਿਲੇਗਾ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ, ਜੋ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਾਲੋਂ ਕਿਤੇ ਵੱਧ ਹੈ: ਵਿਧਾਇਕ ਬਲਕਾਰ ਸਿੰਘ

  ਜਲੰਧਰ, 3 ਅਪ੍ਰੈਲ :-  

ਆਮ ਆਦਮੀ ਪਾਰਟੀ ਦੇ ਵਿਧਾਇਕ ਦੋਆਬੇ ਵਿੱਚ ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਅਧਿਕਾਰੀਆਂ ਵੱਲੋਂ ਕਰਵਾਈ ਜਾ ਰਹੀ ਵਿਸ਼ੇਸ਼ ਗਿਰਦਾਵਰੀ ਦਾ ਮੁਆਇਨਾ ਕਰਦਿਆਂ ਲਗਾਤਾਰ ਜਲੰਧਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਰਹੇ ਹਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮਿਲ ਰਹੇ ਹਨ। ਸਾਰੇ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਹਨ ਅਤੇ ਯਕੀਨੀ ਬਣਾ ਰਹੇ ਹਨ ਕਿ ਖਰਾਬੇ ਦੀ ਰਿਪੋਰਟ ਜਲਦੀ ਤੋਂ ਜਲਦੀ ਦਰਜ ਹੋਵੇ ਤਾਂ ਜੋ ਵਿਸਾਖੀ ਦੇ ਤਿਉਹਾਰ ਤੱਕ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਇਸੇ ਲੜੀ ਤਹਿਤ ਸੋਮਵਾਰ ਨੂੰ ‘ਆਪ’ ਵਿਧਾਇਕਾ ਇੰਦਰਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਨੂਰਮਹਿਲ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਅਤੇ ਧਨਾਢ ਜ਼ਿਮੀਂਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਛੋਟੇ ਕਿਸਾਨਾਂ ਦੀ ਮਦਦ ਕਰਨ ਕਿਉਂਕਿ ਮੀਂਹ ਅਤੇ ਗੜ੍ਹੇਮਾਰੀ ਨੇ 70 ਫੀਸਦੀ ਤੋਂ ਵੱਧ ਕਣਕ ਦੀ ਫਸਲ ਤਬਾਹ ਕਰ ਦਿੱਤੀ ਹੈ। ‘ਆਪ’ ਵਿਧਾਇਕਾ ਹੁਣ ਤੱਕ 25 ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਗਿਰਦਾਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪਿੰਡਾਂ ਦੇ ਕਿਸਾਨਾਂ ਨੂੰ ਮਿਲਦੇ ਰਹਿਣਗੇ।

ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ‘ਆਪ’ ਵਿਧਾਇਕ ਬਲਕਾਰ ਸਿੰਘ ਨੇ ਵੀ ਕਰਤਾਰਪੁਰ ਦੇ ਪਿੰਡ ਨੌਗਜਾ ਦੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਕਿਹਾ ਕਿ ਸੀ.ਐਮ ਮਾਨ ਨੇ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਲਈ ਪੂਰੀ ਸਰਕਾਰੀ ਮਸ਼ੀਨਰੀ ਨੂੰ ਖ਼ਾਸ ਨਿਰਦੇਸ਼ ਦਿੱਤੇ ਹਨ।

‘ਆਪ ਸਰਕਾਰ ਵੱਲੋਂ ਜੋ ਰਾਸ਼ੀ ਮੁਆਵਜ਼ੇ ਵਜੋਂ ਦਿੱਤੀ ਜਾ ਰਹੀ ਹੈ, ਉਹ ਪਿਛਲੀਆਂ ਸਰਕਾਰਾਂ ਵੱਲੋਂ ਮੀਂਹ ਅਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦਿੱਤੇ ਮੁਆਵਜ਼ੇ ਤੋਂ ਕਿਤੇ ਵੱਧ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕੇ ਇਸ ਕਿਸਾਨ-ਹਿਤੈਸ਼ੀ ਕਦਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

ਹੋਰ ਪੜ੍ਹੋ :- ਮਿਸ਼ਨ ਅਬਾਦ 30 ਤਹਿਤ ਸਰਹੱਦੀ ਪਿੰਡ ਮੁਹੰਦਮ ਪੀਰਾ ਵਿਚ ਲਗਾਇਆ ਸਰਕਾਰ ਤੁਹਾਡੇ ਦੁਆਰ ਕੈਂਪ