ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਦੇ ਰਿਹਾ ਬਦਲਵੇਂ ਪ੍ਰਬੰਧ – ਡਿਪਟੀ ਕਮਿਸ਼ਨਰ

—- ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਕੀਤੀ ਅਪੀਲ
ਰੂਪਨਗਰ, 7 ਅਕਤੂਬਰ:
ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦੇ ਰਿਹਾ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਪ੍ਰਬੰਧਨ ਲਈ ਤਾਇਨਾਤ ਕੀਤੇ ਕਲਸਟਰ ਅਤੇ ਨੋਡਲ ਅਫਸਰਾਂ ਦੀ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਵੱਲੋਂ ਇਨ੍ਹਾਂ ਅਧਿਕਾਰੀਆਂ ਦੀ ਤੈਅ ਕੀਤੀ ਗਈ ਜ਼ਿੰਮੇਵਾਰੀ ਦੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਹੋਣ ਵਾਲੇ ਮਾਰੂ ਪ੍ਰਭਾਵਾਂ ਸਦਕਾ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਤਾਇਨਾਤ ਕੀਤੇ ਕਲਸਟਰ ਅਤੇ ਨੋਡਲ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਨੂੰ ਚੰਗੇ ਤਰੀਕੇ ਨਾਲ ਨਿਭਾਉਂਦੀਆਂ ਵੱਖ-ਵੱਖ ਵਿਭਾਗਾਂ ਅਤੇ ਉੱਚ ਅਧਿਕਾਰੀਆਂ ਦੇ ਸੰਪਰਕ ਵਿੱਚ ਰਹਿੰਦੀਆਂ ਇਸ ਵਿੱਚ ਸਹਿਯੋਗ ਕਰਨ।
ਡਾ. ਪ੍ਰੀਤੀ ਯਾਦਵ ਨੇ ਉਪ ਮੰਡਲ ਮੈਜਿਸਟਰੇਟਾਂ, ਜ਼ਿਲ੍ਹੇ ਵਿੱਚ ਲਗਾਏ ਗਏ ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਨ ਅਤੇ ਖ਼ੇਤੀਬਾੜੀ ਵਿਭਾਗ ਵੱਲੋਂ ਉਪਲਬਧ ਕਰਵਾਈ ਗਈ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਦੱਸਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਾਅਦ ਦੁਪਹਿਰ 3.30 ਤੋਂ ਬਾਅਦ ਜਾ ਕੇ ਜਾਗਰੂਕ ਕੈਂਪ ਜ਼ਰੂਰ ਲਗਾਉਣ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨਾਲ ਰਾਬਤਾ ਹੋ ਸਕੇ।
ਉਨ੍ਹਾਂ ਅੱਗੇ ਕਿਹਾ ਜ਼ਿਲ੍ਹੇ ਵਿਚ ਪਰਾਲੀ ਦੀ ਸਾਂਭ-ਸੰਭਾਲ ਲਈ ਪਿੰਡਾਂ ਵਿਖੇ ਤਾਇਨਾਤ ਕੀਤੇ ਗਏ ਅਧਿਕਾਰੀ ਰੋਜ਼ਾਨਾ ਆਪਣੇ ਵਲੋਂ ਕੀਤੀ ਕਾਰਗੁਜ਼ਾਰੀ ਜਿਸ ਵਿਚ ਕਿਸਾਨਾਂ ਅਤੇ ਪੰਚਾਇਤਾਂ ਨਾਲ ਕੀਤੀਆਂ ਮੀਟਿੰਗਾਂ, ਉਪਰਾਲੇ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਚੁੱਕੇ ਵਿਸ਼ੇਸ਼ ਕਦਮ ਸਬੰਧੀ ਕਾਰਗੁਜ਼ਾਰੀ ਦੀ ਰਿਪੋਰਟ ਪਹਿਲਾਂ ਦੀ ਤਰ੍ਹਾਂ ਜ਼ਿਲ੍ਹਾ ਹੈੱਡਕੁਆਟਰ ਵਿਖੇ ਪੇਸ਼ ਕਰਨ ਜਿਸ ਦੀ ਸਮੀਖਿਆ ਜ਼ਿਲ੍ਹਾ ਪੱਧਰ ਉਤੇ ਕੀਤੀ ਜਾ ਰਹੀ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ. ਬਲਜਿੰਦਰ ਸਿੰਘ ਗਰੇਵਾਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸ. ਮਨਦੀਪ ਸਿੰਘ ਢਿੱਲੋਂ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀਮਤੀ ਅਨੁਰਾਧਾ ਸ਼ਰਮਾ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸ਼੍ਰੀ ਮਾਈਕਲ, ਖ਼ੇਤੀਬਾੜੀ ਅਫ਼ਸਰ ਸ਼੍ਰੀ ਪੰਕਜ ਸਿੰਘ, ਜ਼ਿਲ੍ਹਾ ਵਣ ਅਫ਼ਸਰ ਸ.ਹਰਜਿੰਦਰ ਸਿੰਘ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਗਏ ਸਮੂਹ ਨੋਡਲ ਅਫ਼ਸਰ ਹਾਜ਼ਰ ਸਨ।