11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

VB nabs ASI
VB nabs ASI for taking Rs 11,500 bribe as second instalment
ਪੁਲਿਸ ਮੁਲਜ਼ਮ ਨੇ ਪਹਿਲਾਂ ਜ਼ਮਾਨਤੀ ਬਾਂਡ ਸਵੀਕਾਰ ਕਰਨ ਬਦਲੇ ਲਏ ਸੀ 2,000 ਰੁਪਏ
ਚੰਡੀਗੜ, 22 ਦਸੰਬਰ 2023
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇ ਵਾਲਾ, ਜ਼ਿਲ੍ਹਾ ਫਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸਦੇ ਅਤੇ ਉਸਦੇ ਭਰਾ ਖਿਲਾਫ ਥਾਣਾ ਸਦਰ ਫਰੀਦਕੋਟ ਵਿੱਚ ਦਰਜ ਹੋਏ ਇੱਕ ਪੁਲਿਸ ਕੇਸ ਸਬੰਧੀ ਜ਼ਮਾਨਤੀ ਬਾਂਡ ਕਬੂਲਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ ਉਸ ਕੋਲ਼ੋਂ ਇਸੇ ਬਾਬਤ ਪਹਿਲੀ ਕਿਸ਼ਤ ਵਜੋਂ 2,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਦੇ ਬਾਕੀ ਰਹਿੰਦੇ 13,000 ਰੁਪਏ ਦੇਣ ਕਈ ਜ਼ੋਰ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਵੀ ਕਰ ਲਈ ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਰਿਸ਼ਵਤ ਦੇ ਪੈਸੇ ਵੀ ਬਰਾਮਦ ਕਰ ਲਏ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।