ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

_Punjab Vigilance Bureau
Punjab Vigilance Bureau (VB)

ਚੰਡੀਗੜ੍ਹ, 23 ਸਤੰਬਰ 2024

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ  ਅਤੇ ਦੋਸ਼ੀ ਏ.ਐਸ.ਆਈ. ਅਮਰੀਕ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।