ਬਰਨਾਲਾ, 2 ਨਵੰਬਰ 2024
ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ ‘ਤੇ ਹੈ। ਜਿੱਥੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਲੋਂ ਖੁਦ ਜ਼ਿਲ੍ਹੇ ਵਿਚ ਪਰਾਲੀ ਦੇ ਕੇਸਾਂ ‘ਤੇ ਪਲ ਪਲ ਨਜ਼ਰ ਰੱਖੀ ਜਾ ਰਹੀ ਹੈ, ਓਥੇ ਹੋਰ ਸੀਨੀਅਰ ਅਧਿਕਾਰੀ ਲਗਾਤਾਰ ਪਿੰਡਾਂ ਦੇ ਦੌਰੇ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਸਰਗਰਮੀ ਨਾਲ ਜਾਗਰੂਕ ਕਰ ਰਹੇ ਹਨ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸਾਰੇ ਐੱਸ ਡੀ ਐਮਜ਼, ਜ਼ਿਲ੍ਹਾ ਮਾਲ ਅਫਸਰ, ਜ਼ਿਲ੍ਹਾ ਖੇਤੀਬਾੜੀ ਅਫ਼ਸਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਹੋਰ ਅਫ਼ਸਰ ਆਪਣੀਆਂ ਟੀਮਾਂ ਨਾਲ ਸਰਗਰਮੀ ਨਾਲ ਡਟੇ ਹੋਏ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਪੁਲਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਪੁਲੀਸ ਅਧਿਕਾਰੀ ਵੀ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਪਿੰਡਾਂ ਵਿੱਚ ਪਿੰਡ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿਚ ਪਿੰਡ ਦੇ ਮੋਹਤਬਰ, ਨੌਜਵਾਨ, ਨਰੇਗਾ ਵਰਕਰ, ਆਂਗਣਵਾੜੀ ਤੇ ਹੋਰ ਵਾਸੀ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ਦੇ ਅਫ਼ਸਰ ਪਿੰਡਾਂ ਵਿੱਚ ਮੁਹਿੰਮ ਤਹਿਤ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਆਲਾ ਦੁਆਲਾ ਪਲੀਤ ਹੁੰਦਾ ਹੈ, ਓਥੇ ਧੂਏਂ ਨਾਲ ਮਨੁੱਖੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਿਹਤ ਸਬੰਧੀ ਦਿੱਕਤਾਂ ਪੇਸ਼ ਆਉਂਦੀਆਂ ਹਨ। ਪਰਾਲੀ ਸਾੜਨ ਨਾਲ ਜ਼ਮੀਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਇਸ ਤੋਂ ਇਲਾਵਾ ਪੰਛੀਆਂ ਅਤੇ ਜੀਵਾਂ ਦਾ ਵੀ ਨੁਕਸਾਨ ਹੁੰਦਾ ਹੈ।

English






