ਉਮੀਦਵਾਰਾਂ ਦੇ ਖਰਚੇ ‘ਤੇ ਰੱਖੀ ਜਾਵੇ ਤਿੱਖੀ ਨਜ਼ਰ: ਖ਼ਰਚਾ ਨਿਗਰਾਨ

* ਖਰਚਾ ਨਿਗਰਾਨ ਵਲੋਂ ਖਰਚਾ ਰਜਿਸਟਰਾਂ ਦੇ ਮਿਲਾਨ ਲਈ ਅਹਿਮ ਮੀਟਿੰਗ

ਬਰਨਾਲਾ, 5 ਨਵੰਬਰ 2024 

103- ਬਰਨਾਲਾ ਵਿਧਾਨ ਸਭਾ ਹਲਕੇ ਦੀ ਆਗਾਮੀ ਉਪ ਚੋਣ ਲਈ ਚੋਣ ਕਮਿਸ਼ਨ ਵੱਲੋਂ ਖਰਚਾ ਨਿਗਰਾਨ ਨਿਯੁਕਤ ਸ੍ਰੀ ਜੋਸਫ਼ ਗੌੜਾ ਪਾਟਿਲ ਆਈ.ਆਰ.ਐੱਸ ਨੇ ਖਰਚਾ ਰਜਿਸਟਰਾਂ ਦੇ ਮਿਲਾਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਿਟਰਨਿੰਗ ਅਫਸਰ ਅਤੇ ਸਹਾਇਕ ਖਰਚਾ ਅਬਜ਼ਰਬਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਬਾਰੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਰਜਿਸਟਰਾਂ ਦਾ ਮਿਲਾਨ ਕੀਤਾ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲਤੀਫ਼ ਅਹਿਮਦ ਵੀ ਹਾਜ਼ਰ ਸਨ।

ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਖਰਚਾ ਨਿਗਰਾਨ ਸ੍ਰੀ ਜੋਸਫ਼ ਗੌੜਾ ਪਾਟਿਲ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਗਾਮੀ ਚੋਣ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਰੂਪ ਵਿੱਚ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਲਈ ਨਿਰਧਾਰਤ ਕੀਤੇ ਗਏ ਖਰਚੇ ਸਬੰਧੀ ਪੂਰੀ ਚੌਕਸੀ ਵਰਤੀ ਜਾਵੇ ਅਤੇ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ। ਇਨ੍ਹਾਂ ਚੋਣਾਂ ਦੌਰਾਨ ਉਮੀਦਵਾਰ ਦੇ ਖਰਚੇ ਦੀ ਸੀਮਾ 40 ਲੱਖ ਰੁਪਏ ਹੈ।
ਇਸ ਮੌਕੇ ਖਰਚਾ ਨਿਗਰਾਨ ਦੀ ਮੌਜੂਦਗੀ ਵਿੱਚ ਖਰਚਾ ਰਜਿਸਟਰਾਂ ਅਤੇ ਸ਼ੈਡੋ ਰਜਿਸਟਰਾਂ ਦਾ ਮਿਲਾਨ ਕੀਤਾ ਗਿਆ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲਤੀਫ਼ ਅਹਿਮਦ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਚੋਣਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਂਦਾ ਹੈ  ਤਾਂ ਜੋ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੀਆਂ ਜਾ ਸਕਣ।

ਇਸ ਮੌਕੇ ਰਿਟਰਨਿੰਗ ਅਫ਼ਸਰ ਸ. ਗੁਰਬੀਰ ਸਿੰਘ ਕੋਹਲੀ, ਚੋਣ ਕਾਨੂੰਗੋ ਮਨਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।