ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 31 ਦਸੰਬਰ 2024 

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।