ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਸੜਕ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਉਪਰੰਤ ਕੀਤੀ ਕਾਰਵਾਈ


ਚੰਡੀਗੜ੍ਹ, 10 ਨਵੰਬਰ 2025

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਨਗਰ ਕੌਂਸਲ ਭਵਾਨੀਗੜ੍ਹ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਵੱਲੋਂ ਜਾਰੀ ਮੁਅੱਤਲੀ ਸਬੰਧੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇੱਕ ਸੜਕੀ ਪ੍ਰੋਜੈਕਟ ਦੇ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਹੁਕਮ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਇਹ ਬੇਨਿਯਮੀਆਂ ਲਾਭ ਸਿੰਘ ਤੋਂ ਜੋਗਿੰਦਰ ਨਗਰ ਅਤੇ ਸੰਗਤਸਰ ਤੱਕ ਸੜਕ ਦੇ ਨਿਰੀਖਣ ਦੌਰਾਨ ਸਾਹਮਣੇ ਆਈਆਂ ਹਨ। ਹੁਕਮ ਮੁਤਾਬਕ, ਮੁਅੱਤਲੀ ਦੀ ਮਿਆਦ ਦੌਰਾਨ, ਜੂਨੀਅਰ ਇੰਜੀਨੀਅਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਦੇ ਦਫ਼ਤਰ ਨਾਲ ਜੁੜੇ ਰਹਿਣਗੇ ਅਤੇ ਇਸ ਸਬੰਧੀ ਚਾਰਜਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।

ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਡਿਊਟੀ ਵਿੱਚ ਕੁਤਾਹੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਨਤਕ ਕੰਮਾਂ ਵਿੱਚ ਗੁਣਵੱਤਾ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।