ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ

ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ 2026

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ਹੈ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ 10 ਲੱਖ ਰੁਪਏ ਦੀ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਹੁਣ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ।

ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਉਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਨਾਲ ਹੀ, ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵੰਚਿਤ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਹੀ ਲੋਕਤੰਤਰ ਦੀ ਅਸਲੀ ਤਾਕਤ ਹੈ।

ਇਸ ਮੌਕੇ ਸੀਨੀਅਰ ਆਗੂ, ਬਲਾਕ ਅਤੇ ਪਿੰਡ ਪੱਧਰ ਦੇ ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।