ਲੋਕਾਂ ਨੂੰ ਕਰੋਨਾ ਦੀ ਰੋਕਥਾਮ ਲਈ ਟੀਕਾਕਰਨ, ਟੈਸਟਿੰਗ ਕਰਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਟੀਕਾਕਰਨ ਕੇਂਦਰ ਕੋਟਕਪੂਰਾ ਦਾ ਦੌਰਾ
ਕੋਟਕਪੂਰਾ / (ਫ਼ਰੀਦਕੋਟ) 20 ਮਈ , 2021 – ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਅੱਜ ਟੀਕਾਕਰਨ ਕੇਂਦਰ ਕੋਟਕਪੂਰਾ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਚੱਲ ਰਿਹਾ ਹੈ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਕੇਂਦਰ ਵਿਚ ਟੀਕਾਕਰਨ ਦੀ ਰਫ਼ਤਾਰ ਅਤੇ ਲੋਕਾਂ ਲਈ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ ਸੰਜੇ ਕਪੂਰ ਅਤੇ ਐੱਸ.ਐੱਮ.ਓ ਡਾ ਹਰਿੰਦਰ ਗਾਂਧੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਾ ਨੂੰ ਕਰੋਨਾ ਤੋਂ ਬਚਾਉਣ ਲਈ ਜਿੱਥੇ ਲੋਕਾਂ ਨੂੰ ਇਸ ਪ੍ਰਤੀ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਦੋ ਗਜ਼ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ, ਸਮੇਂ ਸਮੇਂ ਤੇ ਹੱਥ ਧੋਣ, ਭੀੜ ਵਾਲੀਆਂ ਥਾਵਾਂ ਤੇ ਨਾ ਜਾਣ ਆਦਿ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਉਨ੍ਹਾਂ ਨੂੰ ਕਰੋਨਾ ਦੀ ਪਛਾਣ ਲਈ ਵੱਧ ਤੋਂ ਵੱਧ ਟੈਸਟਿੰਗ ਕਰਾਉਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਸਹੀ ਵਿਚ ਰੋਕਥਾਮ 100 ਪ੍ਰਤੀਸ਼ਤ ਟੀਕਾਕਰਨ ਨਾਲ ਹੀ ਸੰਭਵ ਹੈ ਤੇ ਇਸ ਲਈ ਜ਼ਿਲ੍ਹੇ ਵਿਚ 86 ਥਾਵਾਂ ਤੇ ਸਰਕਾਰੀ ਅਤੇ ਪ੍ਰਾਈਵੇਟ ਟੀਕਾਕਰਨ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 98 ਹਜ਼ਾਰ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ 45 ਸਾਲ ਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਲਈ ਟੀਕਾਕਰਨ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਟੀਕਾਕਰਨ ਕੇਂਦਰ ਵਿਖੇ 45 ਸਾਲ ਤੋਂ ਵੱਧ ਅਤੇ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ, ਟੈਸਟਿੰਗ ਤੇ ਪਾਜ਼ੀਟਿਵ ਹੋ ਚੁੱਕੇ ਮਰੀਜ਼ਾਂ ਨੂੰ ਇਕਾਂਤਵਾਸ ਕਰਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਅਤੇ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਲੋਕਾਂ ਨੂੰ ਸਿਹਤ ਵਿਭਾਗ ਤੇ ਸਰਕਾਰ ਵੱਲੋਂ ਜਾਰੀ ਕਰੋਨਾ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰੀਏ ।