ਪਰਾਲੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਗੰਭੀਰ ਨਹੀਂ ਰਾਜੇ ਦੀ ਸਰਕਾਰ-‘ਆਪ'

Prof Baljinder Kaur

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਐਲਾਨਿਆ ਮੁਆਵਜ਼ਾ ਨਾ ਦੇਣ ‘ਤੇ ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਤੇ ਮਾਸਟਰ ਬਲਦੇਵ ਸਿੰਘ ਨੇ ਸਰਕਾਰ ‘ਤੇ ਹੱਲਾ ਬੋਲਿਆ

ਬਠਿੰਡਾ, 25 ਅਗਸਤ 2020
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ  ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਦੇ ਪੱਕੇ ਹੱਲ ਪ੍ਰਤੀ ਪੂਰੀ ਤਰਾਂ ਸੁਹਿਰਦ ਨਹੀਂ ਹੈ, ਉਲਟਾ ਕਿਸਾਨਾਂ ਨਾਲ ਵਾਅਦਾ-ਖ਼ਿਲਾਫ਼ੀ ਅਤੇ ਪਰਾਲੀ ਦੇ ਬਹਾਨੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ  ਰਿਹਾ ਹੈ।
‘ਆਪ’ ਵਿਧਾਇਕਾਂ ਨੇ ਇੱਥੋਂ ਜਾਰੀ ਸਾਂਝੇ ਬਿਆਨ ਰਾਹੀਂ ਕਿਹਾ ਕਿ ਸਰਕਾਰ ਨੇ ਪਿਛਲੇ ਸਮੇਂ ਵਿਚ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜਿਹੜੇ ਕਿਸਾਨ ਖੇਤਾਂ ਵਿਚ ਪਰਾਲੀ ਨਹੀਂ ਸਾੜਨਗੇ, ਸਰਕਾਰ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਪਰੰਤੂ ਅੱਜ ਤੱਕ ਕਿਸੇ ਵੀ ਕਿਸਾਨ ਨੂੰ ਇਹ ਮੁਆਵਜ਼ਾ ਨਹੀਂ ਦਿੱਤਾ ਗਿਆ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਕਿਸਾਨਾਂ ਦੀ ਮਜਬੂਰੀ ‘ਚੋਂ ਪੈਦਾ ਹੋਈ ਸਮੱਸਿਆ ਹੈ, ਪਰੰਤੂ ਪੰਜਾਬ ਅਤੇ ਕੇਂਦਰ ਸਰਕਾਰਾਂ ਇਸ ਸਮੱਸਿਆ ਦੇ ਪੱਕੇ ਹੱਲ ਲਈ ਬਿਲਕੁਲ ਗੰਭੀਰ ਨਹੀਂ ਹਨ, ਉਲਟਾ ਝੂਠੇ ਲਾਰੇ ਲਾ ਕੇ ਕਿਸਾਨਾਂ ਨੂੰ ਧੋਖੇ ਤੇ ਧੋਖਾ ਦੇ ਰਹੀਆਂ ਹਨ।
ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਸੂਬੇ ਵਿਚ ਜੇਕਰ ਸਰਕਾਰ ਪਰਾਲੀ ਸਾੜਨ ਪ੍ਰਤੀ ਪੂਰੀ ਤਰਾਂ ਸੁਹਿਰਦ ਹੁੰਦੀ ਤਾਂ ਉਹ ਕਦੇ ਵੀ ਬਠਿੰਡਾ ਥਰਮਲ ਪਲਾਂਟ ਨੂੰ ਪਰਾਲੀ ਤੋਂ ਚਲਾਉਣ ਤੋਂ ਪਿੱਛੇ ਨਾ ਹਟਦੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਕੀਤੇ ਗਏ ਵਾਅਦੇ ਪੂਰੇ ਕਰਦੀ ਤਾਂ ਇਹ ਨੌਬਤ ਨਹੀਂ ਆਉਣੀ ਸੀ, ਜਿਸ ਨਾਲ ਸਾਡਾ ਪੰਜਾਬ ਹਰਿਆ-ਭਰਿਆ ਅਤੇ ਸਾਫ਼ ਵਾਤਾਵਰਨ ਵਾਲਾ ਹੁੰਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਦਾ ਇਹੀ ਹਾਲ ਰਿਹਾ ਤਾਂ ਕਿਸਾਨ ਪਰਾਲੀ ਸਾੜਨ ਲਈ ਬੇਵੱਸ ਹੋਵੇਗਾ।
ਪ੍ਰੋ. ਬਲਜਿੰਦਰ ਕੌਰ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਅੱਜ ਤੱਕ ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸੇ ਵੀ ਕਿਸਾਨ ਨੂੰ ਐਲਾਨ ਦੇ ਬਾਵਜੂਦ ਕੋਈ ਮੁਆਵਜ਼ਾ ਨਹੀਂ ਦਿੱਤਾ ਹੈ, ਬਲਕਿ ਕਿਸਾਨਾਂ ਨੂੰ ਡਰਾ ਧਮਕਾ ਕੇ ਉਲਟਾ ਉਨ੍ਹਾਂ ‘ਤੇ ਪਰਚੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਕੋਲ ਆਪਣੀ ਖੇਤੀ ਨੂੰ ਬਚਾਉਣ ਲਈ ਕੋਈ ਬਦਲ ਨਹੀਂ ਹੈ, ਪਰ ਸਰਕਾਰਾਂ ਨੇ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਉਲਟਾ ਉਨ੍ਹਾਂ ਨੂੰ ਹੋਰ ਸੰਕਟ ਵੱਲ ਧੱਕ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪਹਿਲਾਂ ਨਿਰਧਾਰਿਤ ਕੀਤੇ ਮੁਆਵਜ਼ੇ ਦਾ ਐਲਾਨ ਕਰੇ ਅਤੇ ਇਹ ਯਕੀਨੀ ਬਣਾਏ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਹਰ ਵਾਅਦੇ ‘ਚ ਪਿੱਠ ਦਿਖਾਈ ਹੈ। ਉਨ੍ਹਾਂ ਮੰਗ ਕੀਤੀ ਕਿ ਪਰਾਲੀ ਨਾ ਸਾੜਨ ਨੂੰ ਲੈ ਕੇ ਸਰਕਾਰ ਖੇਤੀ ਅਤੇ ਆਉਣ ਵਾਲੇ ਖ਼ਰਚੇ ਦਾ ਮੁਆਵਜ਼ਾ ਅਦਾ ਕਰੇ ਅਤੇ ਕਿਸਾਨਾਂ ਨੂੰ ਨਜਾਇਜ਼ ਤੌਰ ‘ਤੇ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ।