ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ 16 ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ

ਚੰਡੀਗੜ੍ਹ, 31 ਅਗਸਤ 2021
ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ 16 ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ।
ਇਹ ਖੇਡ ਕਿੱਟਾਂ ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਹਲਕੇ ਦੇ ਪਿੰਡ ਬਲੀਏਵਾਲ, ਮਿਆਣੀ, ਰਤਨਗੜ੍ਹ, ਫ਼ਤਹਿਗੜ੍ਹ ਜੱਟਾਂ, ਫ਼ਤਹਿਗੜ੍ਹ ਗੁੱਜਰਾਂ, ਜਿਓਣੇਵਾਲ, ਬੂਥਗੜ੍ਹ, ਕਾਲਸਾ ਕਲਾਂ, ਕਾਲਸਾ ਖ਼ੁਰਦ, ਹਾਦੀਵਾਲ, ਸੱਤੇਆਣਾ, ਭੂਪਨਾ, ਘੁਮਾਣਾ, ਮਹਿਲ ਘੁਮਾਣਾ, ਖਾਨਪੁਰ ਅਤੇ ਬਹਾਦਰਪੁਰ ਦੇ ਨੌਜਵਾਨਾਂ ਨੂੰ ਸੌਂਪੀਆਂ ਗਈਆਂ।
ਵੱਖ-ਵੱਖ ਪਿੰਡਾਂ ਵਿੱਚ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿਉਂਕਿ ਅਜਿਹਾ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਸੇ ਮਿਸ਼ਨ ਤਹਿਤ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਪਾਸੇ ਲਾਉਣ ਅਤੇ ਸਮਾਜ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਮੁਫ਼ਤ ਖੇਡ ਕਿੱਟਾਂ ਵੰਡਣ, ਟੂਰਨਾਮੈਂਟ ਕਰਾਉਣ, ਖਿਡਾਰੀਆਂ ਨੂੰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਾਉਣ, ਕੋਚਾਂ ਦੀ ਨਿਯੁਕਤੀ ਕਰਨ ਅਤੇ ਬੁਨਿਆਦੀ ਢਾਂਚਾ ਉਸਾਰ ਕੇ ਪੰਜਾਬ ਭਰ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਜਿਹੇ ਉਪਰਾਲੇ ਵੱਡੀ ਪੱਧਰ ‘ਤੇ ਕਰ ਰਹੀ ਹੈ। ਹਾਲ ਹੀ ਵਿੱਚ ਸਰਕਾਰ ਨੇ ਉਲੰਪਿਕ ਖੇਡਾਂ ਦੇ ਤਮਗ਼ਾ ਜੇਤੂਆਂ ਅਤੇ ਇਨ੍ਹਾਂ ਵੱਕਾਰੀ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਕਰੀਬ 30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਆ ਹੈ।
ਸ੍ਰੀ ਬਿੰਦਰਾ ਨੇ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਦਾ ਸਾਥ ਦੇਣ ਦਾ ਵੀ ਸੱਦਾ ਦਿੱਤਾ।