ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਇੰਟਰਵਿਊ ਦੀ ਤਿਆਰੀ ਲਈ ਦੋ ਰੋਜ਼ਾ ਵਰਕਸ਼ਾਪ ਅੱਜ ਤੋਂ

ਨਵਾਂਸ਼ਹਿਰ, 1 ਸਤੰਬਰ 2021 ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ 7ਵੇਂ ਜ਼ਿਲਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਰੋਜ਼ਗਾਰ ਮੇਲਿਆਂ ਦੌਰਾਨ ਪ੍ਰਾਰਥੀਆਂ ਨੂੰ ਇੰਟਰਵਿਊ ਦੇਣ ਸਮੇਂ ਕਈ ਤਰਾਂ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਉਨਾਂ ਦਾ ਮਨੋਬਲ ਕਮਜ਼ੋਰ ਹੁੰਦਾ ਹੈ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊੂਰੋ, ਸ਼ਹੀਦ ਭਗਤ ਸਿੰਘ ਨਗਰ ਅਤੇ ਕੇ. ਸੀ ਗਰੁੱਪ ਆਫ਼ ਕਾਲਜਿਸ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲਿਆਂ ਵਿਚ ਇੰਟਰਵਿਊ ਦੀ ਤਿਆਰੀ ਲਈ ਮਿਤੀ 2 ਅਤੇ 3 ਸਤੰਬਰ ਨੂੰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੋ ਰੋਜ਼ਾ ਵਰਕਸ਼ਾਪ ਦੁਪਹਿਰ 12 ਤੋਂ 2 ਵਜੇ ਤੱਕ ਲਗਾਈ ਜਾ ਰਹੀ ਹੈ। ਇਸ ਸਬੰਧੀ ਪੋਸਟਰ ਜਾਰੀ ਕਰਨ ਮੌਕੇ ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਸਿਖਿਆਰਥੀਆਂ ਨੂੰ ਇੰਟਰਵਿਊ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ। ਉਨਾਂ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਰਕਸ਼ਾਪ ਦਾ ਵੱਧ ਤੋਂ ਵੱਧ ਲਾਭ ਲੈਣ, ਤਾਂ ਜੋ ਉਨਾਂ ਨੂੰ ਇੰਟਰਵਿਊ ਦੇਣ ਸਮੇਂ ਕਿਸੇ ਵੀ ਤਰਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨਾਂ ਲਈ ਰੋਜ਼ਗਾਰ ਦਾ ਵਸੀਲਾ ਪੈਦਾ ਹੋ ਸਕੇ। ਇਸ ਮੌਕੇ ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਫੋਟੋ :-ਇੰਟਰਵਿਊ ਦੀ ਤਿਆਰੀ ਲਈ ਵਰਕਸ਼ਾਪ ਸਬੰਧੀ ਪੋਸਟਰ ਜਾਰੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ। ਨਾਲ ਹਨ ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਤੇ ਹੋਰ।