ਪ੍ਰਾਈਵੇਟ ਸਕੂਲ ਵਿਦਿਅਕ ਸੈਸ਼ਨ 2022-23 ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ‘ਚ ਵਾਧਾ ਨਹੀਂ ਕਰ ਸਕਦੇ
ਰੂਪਨਗਰ, 31 ਮਾਰਚ :- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ ‘ਤੇ ਪਾਵਰ ਕਲੋਨੀ ਸਕੂਲ ਦੀ ਨਿਲਾਮੀ ਰੱਦ ਕਰ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਕੀਤਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਲੋਕ ਹਿੱਤ ਨੂੰ ਦੇਖਦੇ ਹੋਏ ਇਹ ਆਦੇਸ਼ ਜਾਰੀ ਕੀਤੇ ਹਨ ਅਤੇ ਪਿਛਲੀ ਕਾਂਗਰਸ ਸਰਕਾਰ ਵਲੋਂ ਪਾਵਰ ਕਲੋਨੀ ਰੋਪੜ ਦੇ ਸਕੂਲ ਨੂੰ ਵੇਚਣ ਦੇ ਕੀਤੇ ਗਏ ਗਲਤ ਫੈਸਲੇ ਨੂੰ ਵਾਪਸ ਲਿਆ ਹੈ। ਉਨ੍ਹਾਂ ਕਿਹਾ ਜਦੋਂ ਇਲਾਕਾ ਵਾਸੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਵਲੋਂ ਇਹ ਮਾਮਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਧਿਆਨ ਵਿੱਚ ਲਿਆਇਆ।
ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਜਿਸ ਤਹਿਤ ਜਿੱਥੇ ਪ੍ਰਾਈਵੇਟ ਸਕੂਲਾਂ ਦੇ ਫੀਸਾਂ ਵਧਾਉਣ ‘ਤੇ ਰੋਕ ਲਗਾਈ ਗਈ ਹੈ ਉੱਥੇ ਹੀ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਆਮ ਲੋਕਾਂ ਦੀ ਲੁੱਟ-ਕਸੁੱਟ ਰੋਕਣ ਲਈ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕੋਈ ਵੀ ਪ੍ਰਾਈਵੇਟ ਸਕੂਲ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਜਾਂ ਵਰਦੀ ਖਰੀਦਣ ਲਈ ਮਜਬੂਰ ਨਹੀਂ ਕਰੇਗਾ ਅਤੇ ਸੂਬੇ ਵਿੱਚ ਪ੍ਰਾਈਵੇਟ ਸਕੂਲ ਵਿਦਿਅਕ ਸੈਸ਼ਨ 2022-23 ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿੱਚ ਇੱਕ ਰੁਪਏ ਦਾ ਵਾਧਾ ਵੀ ਨਹੀਂ ਕਰ ਸਕਣਗੇ।
ਐਡਵੋਕੇਟ ਦਿਨੇਸ਼ ਚੱਢਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਕਿਤਾਬਾਂ ਅਤੇ ਵਰਦੀ ਦੀ ਖਰੀਦ ਬਾਰੇ ਨੀਤੀ ਵੀ ਛੇਤੀ ਲਿਆਂਦੀ ਜਾਵੇਗਾ ਤਾਂ ਜੋ ਅੱਜ ਦੇ ਸਮੇਂ ਵਿੱਚ ਮਹਿੰਗੀ ਹੋ ਚੁੱਕੀ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਸਬੰਧ ਵਿੱਚ ਵੱਡੇ ਪੱਧਰ ਦੇ ਸੁਧਾਰ ਕਰਨ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਲਾਗੂ ਕਰਨ ਤੁਰੰਤ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲਣਗੇ।

English






