ਪਰਾਲੀ ਦੇ ਨਾੜ ਨੂੰ ਖੇਤਾਂ ਵਿਚ ਵਾਹ ਕੇ ਕਣਕ ਦੀ ਸਿੱਧੀ ਬਿਜਾਈ ਕਰਦਾ ਹੈ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫਾਜ਼ਿਲਕਾ 8 ਨਵੰਬਰ :-  

ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਖੇਤਾਂ ਵਿਚ ਵਹਾ ਕੇ ਅਗਲੀ ਫਸਲ ਬੀਜਣ ਤਹਿਤ ਕੀਤੇ ਜਾ ਰਹੇ ਸਫਲ ਉਪਰਾਲਿਆਂ ਤਹਿਤ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਦੀਆਂ ਨਵੀਆਂ ਤਕਨੀਕਾਂ ਨਾਲ ਖੇਤੀ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਮੁਕਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਪਰਾਲੀ ਨੂੰ ਨਾ ਸਾੜਨ ਵਾਲੇ ਫਾਜ਼ਿਲਕਾ ਦੇ ਪਿੰਡ ਨਵਾਂ ਮੁੰਬੇਕੇ ਦੇ ਸਫਲ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ 40 ਏਕੜ ਵਿਚ ਖੇਤੀ ਕਰਦਾ ਹੈ ਤੇ ਉਹ ਹੁਣ ਕਣਕ ਦੀ ਸਿੱਧੀ ਬਿਜਾਈ ਕਰ ਰਿਹਾ ਹੈ।
ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਦਿ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵਲੋਂ  ਕੀਤੇ ਜਾ ਰਹੇ ਉਪਰਾਲਿਆਂ ਨਾਲ ਉਹ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਹੋਇਆ ਹੈ। ਉਸਦਾ ਕਹਿਣਾ ਹੈ ਕਿ ਇਸ ਨਾਲ ਕੀਮਤੀ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ। ਉਸਨੇ ਦੱਸਿਆ ਕਿ ਉਹ ਪਰਾਲੀ ਦੇ ਨਾੜ ਨੂੰ ਅੱਗ ਨਹੀਂ ਲਗਾਉਂਦਾ ਤੇ ਫਸਲ ਦੀ ਬਿਜਾਈ ਖੇਤੀਬਾੜੀ ਦੀਆਂ ਸ਼ਿਫਾਰਿਸਾਂ ਤੇ ਸਭ ਤੋਂ ਪਹਿਲਾ ਪਲੋਅ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਦਬਾ ਕੇ ਕਣਕ ਦੀ ਬਿਜਾਈ ਕਰਦਾ ਸੀ ਤੇ ਫਿਰ ਹੈਪੀ ਸੀਡਰ ਨਾਲ ਤੇ ਹੁਣ ਉਹ ਮਲਚਿੰਗ ਵਿਧੀ ਨਾਲ ਵੀ ਕਣਕ ਦੀ ਬਿਜਾਈ ਕਰ ਰਹੇ ਹਨ ਜਿਸ ਤੇ ਖਰਚਾ ਵੀ ਘੱਟ ਆਉਂਦਾ ਹੈ ਤੇ ਫਸਲ ਦਾ ਝਾੜ ਵੀ ਵਧਦਾ ਹੈ।
ਕਿਸਾਲ ਨੇ ਕਿਹਾ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਦਬਾ ਕੇ ਫਸਲ ਬੀਜਣ ਨਾਲ ਜਿਥੇ ਉਹ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿਚ ਸਫਲ ਹੋਇਆ ਹੈ ਉਸ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿਚ ਵੀ ਆਪਣਾ ਯੋਗਦਾਨ ਪਾ ਰਿਹਾ ਹੈ। ਕਿਸਾਨ ਬਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਹ ਪਿਛਲੇ 9 ਸਾਲਾਂ ਤੋਂ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਹੈ ਤੇ ਪਰਾਲੀ ਨੂੰ ਸਾਂਭਣ ਲਈ ਆਪਣੇ ਖੇਤਾਂ ਵਿਚ ਖੇਤੀਬਾੜੀ ਵਲੋਂ ਵਿਕਸਿਤ ਹੈਪੀਸੀਡਰ ਨੂੰ ਚਲਾ ਕੇ ਅਤੇ ਮਲਚਿੰਗ ਵਿਧੀ ਰਾਹੀਂ ਕਣਕ ਦੀ ਬਿਜਾਈ ਕਰਦਾ ਹੈ।
ਉੁਸਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਉਨਾਂ ਨੂੰ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਨਾੜ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਜਿੱਥੇ ਮਿੱਤਰ ਕੀੜੇ ਫਸਲ ਲਈ ਸਹਾਈ ਹੁੰਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ।
ਇਸ ਮੌਕੇ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਾਜਿੰਦਰ ਕੰਬੋਜ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।  ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫਤਰ ਪੁਹੰਚ ਕੇ ਖੇਤੀ ਕਰਨ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਹਾਸਿਲ

ਕਰਨ।